ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਜੁਲਾਈ
ਨਵੀਂ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਉਂਦਿਆਂ ਸਰਕਾਰ ਦੀ ਅਰਥੀ ਸੜਕ ’ਤੇ ਘਸੀਟਦਿਆਂ ਸਿਖ਼ਰ ਦੁਪਹਿਰੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਦਿੱਲੀ-ਲੁਧਿਆਣਾ ਹਾਈਵੇ ਤੇ ਮੁੱਖ ਚੌਕ ਵਿਚ ਆਵਾਜਾਈ ਠੱਪ ਕਰਕੇ ਅਰਥੀ ਫ਼ੂਕਦਿਆਂ ਰੋਸ ਧਰਨਾ ਦਿੱਤਾ। ਧਰਨੇ ਕਾਰਨ ਚੌਕ ਦੇ ਚਾਰੇ ਪਾਸੇ ਸੜਕਾਂ ਉਪਰ ਕਰੀਬ ਤਿੰਨ ਘੰਟੇ ਆਵਾਜਾਈ ਠੱਪ ਰਹੀ ਅਤੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਇਸ ਪ੍ਰਦਰਸ਼ਨ ਵਿੱਚ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨਾਂ ਵੱਲੋਂ ਵੀ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਕੀਤੀ ਗਈ।
ਇਸ ਮੌਕੇ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਰ ’ਤੇ ਜਦੋਂ ਬੇਰੁਜ਼ਗਾਰ ਆਪਣੀ ਫਰਿਆਦ ਲੈ ਕੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਪੁਲੀਸ ਦੀਆਂ ਡਾਗਾਂ ਝੱਲਣੀਆਂ ਪੈਂਦੀਆਂ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨਵੀਂ ਭਰਤੀ ਦਾ ਇਸ਼ਤਿਹਾਰ ਜਲਦ ਜਾਰੀ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨ ਵੀ ਬੇਰੁਜ਼ਗਾਰ ਅਧਿਆਪਕਾਂ ਦੇ ਰੋਸ ਮਾਰਚ ਵਿਚ ਸ਼ਾਮਲ ਹੋਏ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਬੇਰੁਜ਼ਗਾਰਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ 19 ਜੁਲਾਈ ਨੂੰ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਦੇ ਦਿੱਤੇ ਭਰੋਸੇ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਰੋਸ ਧਰਨਾ ਖਤਮ ਕੀਤਾ ਅਤੇ ਆਵਾਜਾਈ ਬਹਾਲ ਹੋਈ।
ਪਟਿਆਲਾ (ਨਿੱਜੀ ਪੱਤਰ ਪ੍ਰੇਰਕ): ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) ਵੱਲੋਂ ਪੁੱਡਾ ਗਰਾਉਂਡ ’ਚ ਰੈਲੀ ਕਰਨ ਮਗਰੋਂ ਡੀਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਸ਼ਨਕਾਰੀਆਂ ਨੇ ਮੰਗ ਪੱਤਰ ਦਿੱਤਾ ਤੇ ਕਿਹਾ ਕਿ ਕਰੋਨਾ ਕਾਲ ਵਿੱਚ ਕਈ ਗੈਸ ਵਰਕਰਾਂ ਦੀ ਮੌਤ ਹੋ ਗਈ ਹੈ ਪਰ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰਾਂ ਦੀ ਸਾਰ ਨਹੀਂ ਲਈ ਗਈ। ਯੂਨੀਅਨ ਦੇ ਪ੍ਰਧਾਨ ਕਸ਼ਮੀਰ ਬਿੱਲਾ ਨੇ ਮੰਗ ਕੀਤੀ ਕਿ ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਐਮਰਜੈਂਸੀ ਡਿਊਟੀ ਵਿਚ ਮਿਲਣ ਵਾਲੀਆਂ ਸਹੂਲਤਾਂ ਅਤੇ ਗੈਸ ਮੁਲਾਜ਼ਮਾਂ ਨੂੰ ਫਰੰਟ ਲਾਈਨ ਵਰਕਰਾਂ ਦਾ ਦਰਜਾ ਦਿੱਤਾ ਜਾਵੇ, ਗੈਸ ਵਰਕਰ ਨੂੰ ਕਰੋਨਾ ਹੋਣ ਦੀ ਸੂਰਤ ਵਿੱਚ ਉਸ ਛੁੱਟੀ ਨੂੰ ਮੈਡੀਕਲ ਛੁੱਟੀ ਵਜੋਂ ਪ੍ਰਵਾਨ ਕੀਤਾ ਜਾਵੇ ਅਤੇ ਤਨਖਾਹ ਦੀ ਕਟੌਤੀ ਨਾ ਕੀਤੀ ਜਾਵੇ।
ਬੇਰੁਜ਼ਗਾਰਾਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਮਾਰਚ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵੱਲੋਂ ਅੱਜ ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਰੋਸ ਮਾਰਚ ਕੀਤਾ ਗਿਆ। ਇਸੇ ਦੌਰਾਨ ਬੇਰੁਜਗਾਰ ਸਾਂਝੇ ਮੋਰਚੇ ਵੱਲੋਂ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਗਾਇਆ ਪੱਕਾ ਮੋਰਚਾ ਪਿਛਲੇ ਸਵਾ ਛੇ ਮਹੀਨਿਆਂ ਤੋਂ ਜਾਰੀ ਹੈ। ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ ਝੁਨੀਰ, ਜਗਸੀਰ ਸਿੰਘ ਘੁਮਾਣ ਅਤੇ ਕ੍ਰਿਸ਼ਨ ਸਿੰਘ ਨਾਭਾ ਦੀ ਅਗਵਾਈ ਵਿੱਚ ਕਾਰਾਂ ਅਤੇ ਮੋਟਰਸਾਈਕਲਾਂ ’ਤੇ ਸਵਾਰ ਸੈਂਕੜੇ ਬੇਰੁਜ਼ਗਾਰ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਸ਼ੁਰੂ ਹੋਇਆ ਜੋ ਕਿ ਚੰਗਾਲ, ਖਿੱਲਰੀਆਂ, ਬੰਗਾਂਵਾਲੀ, ਰਸਾਲਦਾਰ ਛੰਨਾਂ, ਅਕੋਈ ਸਾਹਿਬ, ਦੇਹ ਕਲਾਂ, ਫਤਹਿਗੜ੍ਹ ਛੰਨਾਂ, ਸਾਰੋਂ, ਰੂਪਾਹੇੜੀ, ਬਾਲੀਆਂ, ਭਿੰਡਰਾਂ, ਘਾਬਦਾਂ, ਜਲਾਨ, ਸੰਤੋਖਪੁਰਾ, ਕਲੌਦੀ ਆਦਿ ਪਿੰਡਾਂ ’ਚ ਪੁੱਜਿਆ। ਇਸ ਮੌਕੇ ‘ਦਿਓ ਜਵਾਬ-ਕੈਪਟਨ ਸਾਬ’ ਦੇ ਨਾਅਰੇ ਲਗਾਏ ਗਏ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਬੀਤੀ 31 ਦਸੰਬਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਪੱਕਾ ਮੋਰਚਾ ਲਗਾਈਂ ਬੈਠੇ ਹਨ ਪਰ ਘਰ-ਘਰ ਨੌਕਰੀ ਦੇ ਵਾਅਦੇ ਕਰਨ ਵਾਲੀ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਹੱਕ ਮੰਗਦੇ ਬੇਰੁਜ਼ਗਾਰਾਂ ਨੂੰ ਪੁਲੀਸ ਦੇ ਜਬਰ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਰੁਜ਼ਗਾਰ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਮਘਾਣੀਆਂ, ਗਗਨਦੀਪ ਕੌਰ, ਸਸ਼ਪਾਲ ਸਿੰਘ, ਗੁਰਪ੍ਰੀਤ ਸਿੰਘ, ਲਫਜਦੀਪ ਸਿੰਘ, ਲਖਵਿੰਦਰ ਕੌਰ, ਰਵਿੰਦਰ ਸਿੰਘ, ਹਰਵਿੰਦਰ ਸਿੰਘ ਨਰਵਾਨਾ, ਸੁਖਦੇਵ ਸਿੰਘ ਲਿੱਟ, ਗੁਰਸੰਤ ਸਿੰਘ ਚੰਗਾਲ, ਅਮਨਦੀਪ ਕੌਰ ਆਦਿ ਹਾਜ਼ਰ ਸਨ।