ਅਧਿਆਪਕ ਯੂਨੀਅਨ ਦੇ ਜੇਲ੍ਹ ’ਚੋਂ ਰਿਹਾਅ ਹੋਏ ਆਗੂਆਂ ਦਾ ਸਨਮਾਨ
ਨਿਜੀ ਪੱਤਰ ਪ੍ਰੇਰਕ
ਸੰਗਰੂਰ, 5 ਜੁਲਾਈ
ਬੀਤੀ 29 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਈਟੀਟੀ 5994 ਬੈਕਲਾਗ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ 37 ਅਧਿਆਪਕਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਕੇ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜੇਲ੍ਹਾਂ ਵਿਚ ਭੇਜ ਦਿੱਤਾ ਗਿਆ ਸੀ। ਇਸ ਸਬੰਧੀ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਮੁਲਾਕਾਤ ਕੀਤੀ ਗਈ, ਜਿਸ ਮਗਰੋਂ 32 ਅਧਿਆਪਕਾਂ ਨੂੰ ਅਗਲੇ ਦਿਨ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ ਸੀ ਪਰ ਪੰਜ ਪ੍ਰਮੁੱਖ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬੀਤੇ ਦਿਨ ਬਰਨਾਲਾ ਅਤੇ ਸੰਗਰੂਰ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਜੇਲ੍ਹ ’ਚੋਂ ਰਿਹਾਅ ਹੋਏ ਪੰਜ ਪ੍ਰਮੁੱਖ ਆਗੂਆਂ ਸਣੇ ਹੋਰ ਅਧਿਆਪਕਾਂ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਸਨਮਾਨਿਆ ਅਤੇ ਸੰਘਰਸ਼ ਵਿਚ ਹਮਾਇਤ ਦੇਣ ਦਾ ਭਰੋਸਾ ਵੀ ਦਿਵਾਇਆ। ਜੇਲ੍ਹ ’ਚੋਂ ਰਿਹਾਅ ਹੋਏ ਪੰਜ ਆਗੂ ਸੁਰਿੰਦਰਪਾਲ ਗੁਰਦਾਸਪੁਰ, ਅਸ਼ੋਕ ਬਾਵਾ, ਕੁਲਵਿੰਦਰ ਸਾਮਾ, ਸੁਰਿੰਦਰ ਕੁਮਾਰ ਅਤੇ ਜਸਵਿੰਦਰ ਸਿੰਘ ਸਮੇਤ ਸਮੁੱਚੀ ਯੂਨੀਅਨ ਨੇ ਫੈਸਲਾ ਕੀਤਾ ਕਿ ਜਦੋਂ ਤੱਕ ਈ ਟੀ ਟੀ 5994 ਭਰਤੀ ਪੂਰੀ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।
ਈਟੀਟੀ 5994 ਬੈਕਲਾਗ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਜਮਹੂਰੀ ਅਧਿਕਾਰ ਸਭਾ, ਡੈਮੋਕਰੇਟਿਕ ਟੀਚਰਜ਼ ਫਰੰਟ (ਸੰਗਰੂਰ), ਗੌਰਮੈਂਟ ਟੀਚਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਡੀਟੀਐੱਫ, ਐੱਸਸੀ ਬੀਸੀ ਅਧਿਆਪਕ ਯੂਨੀਅਨ, ਪੰਜਾਬ ਸਟੂਡੈਂਟ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀਆਂ ਦਾ ਸੰਘਰਸ਼ ਵਿੱਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ।