ਅਧਿਆਪਕਾਂ ਵੱਲੋਂ ਪਰਖ ਕਾਲ ਦੇ ਬਕਾਏ ਲਈ ਭਗਵੰਤ ਮਾਨ ਨੂੰ ਰੋਸ ਪੱਤਰ
ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਪਟਿਆਲਾ ਦੀ ਅਗਵਾਈ ’ਚ ਅਧਿਆਪਕਾਂ ਵੱਲੋਂ 5178 ਅਧਿਆਪਕਾਂ ਅਤੇ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀਆਂ ਮੰਗੀਆਂ ਮੰਗਾਂ ਹੱਲ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਸਕੱਤਰ (ਸਕੂਲਜ਼) ਨੂੰ ਰੋਸ ਪੱਤਰ ਭੇਜਿਆ ਗਿਆ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਰੱਖੜਾ, ਸਕੱਤਰ ਜਸਪਾਲ ਸਿੰਘ ਖਾਂਗ, ਵਿੱਤ ਸਕੱਤਰ ਰਜਿੰਦਰ ਸਿੰਘ ਸਮਾਣਾ ਅਤੇ ਜ਼ਿਲ੍ਹਾ ਆਗੂ ਕੁਲਦੀਪ ਗੋਬਿੰਦਪੁਰਾ ਨੇ ਦੱਸਿਆ ਕਿ 5178 ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੇ ਪੂਰੀ ਤਨਖ਼ਾਹ ਅਨੁਸਾਰ ਬਕਾਏ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਲਈ ਅੱਜ ਸਾਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵੱਲੋਂ 26-2-2025 ਨੂੰ ‘ਸਪੀਕਿੰਗ ਆਰਡਰ’ ਜਾਰੀ ਕਰਦੇ ਹੋਏ 5178 ਅਧਿਆਪਕਾਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਮ੍ਹਾਂ ਕੀਤੀ ਕਾਰਵਾਈ ਰਿਪੋਰਟ ਵਿੱਚ ਵੀ ਸਿੱਖਿਆ ਵਿਭਾਗ ਵੱਲੋਂ ਇਸ ਫ਼ੈਸਲੇ ਨੂੰ ਜਰਨਲਾਇਜ਼ ਕਰਨਾ ਅੰਕਿਤ ਕੀਤਾ ਗਿਆ ਸੀ ਪਰ ਹਾਲੇ ਤੱਕ 5178 ਭਰਤੀ ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਨਹੀਂ ਦਿੱਤੇ ਗਏ ਹਨ। ਅਧਿਆਪਕ ਆਗੂਆਂ ਹਰਦੀਪ ਟੋਡਰਪੁਰ, ਅਤਿੰਦਰਪਾਲ ਘੱਗਾ, ਗੁਰਜੀਤ ਘੱਗਾ ਅਤੇ ਰਾਮਸ਼ਰਨ ਨੇ ਕਿਹਾ ਕਿ ਜੇਕਰ ਉਪਰੋਕਤ ਮਸਲੇ ਜਲਦ ਹੱਲ ਨਾ ਕੀਤੇ ਗਏ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਡੀਟੀਐੱਫ਼ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਧਾਨ ਵਿਕਰਮਜੀਤ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੰਟ ਲਾਂਗੜੀਆਂ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਪੰਜਾਬ ਨੂੰ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ 5178 ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕੀਤੇ ਜਾਣ।
ਅਧਿਆਪਕਾਂ ਵੱਲੋਂ ਮੁਜ਼ਾਹਰਾ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੂਬਾ ਪੱਧਰੀ ਫੈਸਲੇ ਅਨੁਸਾਰ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਸੰਗਰੂਰ ਵੱਲੋਂ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ’ਚ ਹੋ ਰਹੀ ਬੇਲੋੜੀ ਦੇਰੀ ਖਿਲਾਫ ਇਥੇ ਡੀਸੀ ਦਫ਼ਤਰ ਅੱਗੇ ਰੋਸ ਵਿਖਾਵਾ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਡੀਸੀ ਨੂੰ ਰੋਸ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜ਼ਿਲ੍ਹਾ ਜਨਰਲ ਸਕੱਤਰ ਅਮਨ ਵਸ਼ਿਸ਼ਟ, ਜ਼ਿਲ੍ਹਾ ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ, ਵਿੱਤ ਸਕੱਤਰ ਕਮਲਜੀਤ ਬਨਭੌਰਾ, ਬਲਵਿੰਦਰ ਸਤੌਜ, ਮਨੋਜ ਕੁਮਾਰ ਲਹਿਰਾ ਗਾਗਾ ਤੇ ਮਨਜੀਤ ਸਬਰਵਾਲ ਨੇ ਆਦਿ ਨੇ ਸੰਬੋਧਨ ਕੀਤਾ।