ਪੱਤਰ ਪ੍ਰੇਰਕ
ਚੀਮਾ ਮੰਡੀ, 5 ਸਤੰਬਰ
ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿੱਚ ਕੌਮੀ ਅਧਿਆਪਕ ਦਿਵਸ ਮੌਕੇ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬੀ ਐੱਡ ਅਤੇ ਡੀ ਐੱਲ ਐੱਡ ਦੇ ਵਿਦਿਆਰਥੀ ਸ਼ਾਮਲ ਹੋਏ। ਇਸ ਮੌਕੇ ਪ੍ਰਿੰਸੀਪਲ ਡਾ. ਵੀ ਕੇ ਰਾਏ ਨੇ ਕਿਹਾ ਕਿ ਅਧਿਆਪਕ ਵਰਗ ਦਾ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਵਿੱਚ ਅਹਿਮ ਰੋਲ ਹੁੰਦਾ ਹੈ। ਇਸ ਮੌਕੇ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਸੰਦੌੜ (ਪੱਤਰ ਪ੍ਰੇਰਕ): ਮਾਡਰਨ ਗਰੁੱਪ ਆਫ ਇੰਸਟੀਚਿਊਟਸ ਦੇ ਪਿੰਡ ਸ਼ੇਰਗੜ੍ਹ ਚੀਮਾ ’ਚ ਸਥਿਤ ਅਦਾਰੇ ਮਾਡਰਨ ਸੈਕੂਲਰ ਪਬਲਿਕ ਸਕੂਲ ਅਤੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਨੇ ਮਿਲ ਕੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਸਿੱਖਿਆ ਸ਼ਾਸਤਰੀ ਡਾ. ਜਗਜੀਤ ਸਿੰਘ ਧੂਰੀ ਅਧਿਆਪਕਾਂ ਦੇ ਰੂਬਰੂ ਹੋਏ। ਉਨ੍ਹਾਂ ਵੱਲੋਂ ਆਪਣੇ ਕੈਨੇਡਾ ਦੌਰੇ ਦੌਰਾਨ ਉੱਥੋਂ ਦੀ ਸਿੱਖਿਆ ਨਾਲ ਸਬੰਧਤ ਤਜਰਬੇ ਵੀ ਅਧਿਆਪਕਾਂ ਨਾਲ ਸਾਂਝੇ ਕੀਤੇ ਗਏ।ਪ੍ਰਿੰਸੀਪਲ ਡਾ. ਪੁਨੀਤ ਅਮਨਦੀਪ ਸਿੰਘ ਸੋਹੀ ਨੇ ਵੀ ਅਧਿਆਪਕਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ।
ਲਹਿਰਾਗਾਗਾ (ਪੱਤਰ ਪ੍ਰੇਰਕ): ਸ਼ਿਵਮ ਕਾਲਜ ਆਫ ਐਜੂਕੇਸ਼ਨ ਖੋਖਰਕਲਾਂ ਅਤੇ ਕੇਸੀਟੀ ਕਾਲਜ ਆਫ ਇੰਜਨੀਅਰਿੰਗ ਫਤਿਹਗੜ੍ਹ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਧਾਨ ਰਾਹੁਲ ਗਰਗ ਨੇ ਡਾ. ਰਾਧਾ ਕ੍ਰਿਸ਼ਨਨ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਪੜ੍ਹੀਆਂ। ਇਸ ਮੌਕੇ ਐੱਨਜੀਓ ਦੇ ਜ਼ਿਲ੍ਹਾ ਕੁਆਰਡੀਨੇਟਰ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਬਣਦਾ ਸਤਿਕਾਰ ਕਰਨ ਲਈ ਪ੍ਰੇਰਿਆ।
ਰਾਜਪੁਰਾ (ਪੱਤਰ ਪ੍ਰੇਰਕ): ਇਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਐਨ.ਐਸ.ਐਸ ਵਿਭਾਗ ਅਤੇ ਰੈੱਡ ਰਬਿਨ ਕਲੱਬ ਵੱਲੋਂ ਪ੍ਰਿੰਸੀਪਲ ਪ੍ਰੋ. ਰਾਜੀਵ ਬਾਹੀਆ ਅਤੇ ਡਾ. ਮਨਦੀਪ ਸਿੰਘ ਅਗਵਾਈ ਵਿੱਚ ਸਦਭਾਵਨਾ ਅਤੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਅਕਾਲ ਡਿਗਰੀ ਕਾਲਜ ਵਿੱਚ ਕੇਕ ਕੱਟ ਕੇ ਅਧਿਆਪਕ ਦਿਵਸ ਮਨਾਇਆ
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਇੱਥੋਂ ਦੇ ਅਕਾਲ ਡਿਗਰੀ ਕਾਲਜ ਵਿੱਚ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਨਿਗਰਾਨੀ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਡਾ. ਅਮਨਦੀਪ ਕੌਰ, ਡਾ. ਕਮਲਜੀਤ ਕੌਰ, ਡਾ. ਜੋਗਿੰਦਰ ਸਿੰਘ ਅਤੇ ਹੋਰਨਾਂ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ।