ਪੰਜਾਬੀ ’ਵਰਸਿਟੀ ਵਿੱਚ ‘ਤੀਆਂ ਦੀਆਂ ਰੌਣਕਾਂ’ ਪ੍ਰੋਗਰਾਮ
ਪੰਜਾਬੀ ਯੂਨੀਵਰਸਿਟੀ ਵਿੱਚ ਐਂਪਲਾਈਜ਼ ਯੂਨਿਟੀ ਫ਼ਰੰਟ, ਮਹਿਲਾ ਵਿੰਗ ਵੱਲੋਂ ਕਲਾ ਭਵਨ ਵਿਖੇ ‘ਤੀਆਂ ਦੀਆਂ ਰੌਣਕਾਂ’ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਲੋਕ ਨਾਚ ਗਿੱਧਾ, ਭੰਗੜਾ, ਮਲਵਈ ਗਿੱਧਾ, ਸੰਮੀ, ਝੂਮਰ, ਕਿੱਕਲੀ, ਲੋਕ ਗੀਤ, ਲੋਕ ਬੋਲੀਆਂ ਆਦਿ ਦੀ ਪੇਸ਼ਕਾਰੀ ਹੋਈ।
ਪੰਜਾਬ ਸਰਕਾਰ ਤੋਂ ਚੀਫ਼ ਵਿਪ੍ਹ ਪ੍ਰੋ. ਬਲਜਿੰਦਰ ਕੌਰ, ਜਗਰਾਉਂ ਵਿਧਾਨ ਸਭਾ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ, ਨਾਭਾ ਤੋਂ ਵਿਧਾਇਕ ਗੁਰਦੇਵ ਦੇਵ ਮਾਨ, ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਦੀ ਪਤਨੀ ਸ਼ਮਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਚੀਫ਼ ਵ੍ਹਿਪ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਆਪਣੇ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਵਿੱਚ ਪੰਜਾਬੀ ਯੂਨੀਵਰਸਿਟੀ ਇੱਕ ਮਿਸਾਲੀ ਭੂਮਿਕਾ ਨਿਭਾ ਰਹੀ ਹੈ। ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਸਾਡੇ ਵਿਰਸੇ ਦੀਆਂ ਰੀਤਾਂ ਰਵਾਇਤਾਂ ਨੂੰ ਜ਼ਿੰਦਾ ਰੱਖਣਾ ਸਾਡਾ ਸਭ ਦਾ ਫ਼ਰਜ਼ ਹੈ। ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਸਾਉਣ ਦੇ ਮਹੀਨੇ ਦਾ ਕੁੜੀਆਂ ਦੀ ਜ਼ਿੰਦਗੀ ਵਿੱਚ ਵਿਸ਼ੇਸ਼ ਮਹੱਤਵ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਵੱਖ-ਵੱਖ ਥਾਵਾਂ ਉੱਤੇ ਸਹੁਰੇ ਜਾ ਵਸੀਆਂ ਕੁੜੀਆਂ ਦੇ ਆਪਸ ਵਿੱਚ ਮਿਲਣ ਦਾ ਸਬੱਬ ਸਿਰਜਦਾ ਹੈ। ਵਿਧਾਇਕ ਗੁਰਦੇਵ ਮਾਨ ਵੱਲੋਂ ਵੀ ਪੰਜਾਬੀ ਯੂਨੀਵਰਸਿਟੀ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਉਂਦਿਆਂ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਇਸ ਮੌਕੇ ਕੁੱਝ ਸਭਿਆਚਾਰਕ ਗੀਤਾਂ ਦੀ ਪੇਸ਼ਕਾਰੀ ਵੀ ਦਿੱਤੀ। ਸਵਾਗਤੀ ਸ਼ਬਦਾਂ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਮਨਾਏ ਜਾਂਦੇ ਤੀਆਂ ਦੇ ਇਸ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਸਾਰੀਆਂ ਮਹਿਲਾ ਕਰਮਚਾਰੀਆਂ ਦੇ ਮਨ ਵਿੱਚ ਪੇਕੇ ਜਾਣ ਵਰਗਾ ਚਾਅ ਹੁੰਦਾ ਹੈ।ਪ੍ਰੋਗਰਾਮ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ, ਆਈ. ਏ. ਐੱਸ. ਨੇ ਵੀ ਸ਼ਿਰਕਤ ਕੀਤੀ।