ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 17 ਅਗਸਤ
ਸਿਵਲ ਸਰਜਨ ਮਾਲੇਰਕੋਟਲਾ ਡਾ. ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੀਆਂ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਇਕ ਨਵਾਂ ਮਰੀਜ਼ ਕੋਵਿਡ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੁਲ ਐਕਟਿਵ ਕੋਵਿਡ-19 ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2 ਹੋ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਪੈਂਦੇ ਸਿਹਤ ਬਲਾਕਾਂ ਅਮਰਗੜ੍ਹ ਅਤੇ ਫ਼ਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਪਿੰਡਾਂ ਦੇ ਨਾਲ-ਨਾਲ ਸੀਐਚਸੀ ਅਹਿਮਦਗੜ੍ਹ ਤੇ ਸਿਵਲ ਹਸਪਤਾਲ ਮਾਲੇਰਕੋਟਲਾ ਨਾਲ ਸਬੰਧਿਤ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਸਥਾਨਾਂ ’ਤੇ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਅਤੇ ਵਿਦਿਆਰਥੀਆਂ ਦੇ 362 ਨਮੂਨੇ ਅੱਜ ਹੋਰ ਲਏ ਗਏ ਹਨ। ਇਨ੍ਹਾਂ ਵਿੱਚੋਂ 190 ਆਰਟੀਪੀਸੀਆਰ ਨਮੂਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਭੇਜੇ ਗਏ ਹਨ, ਜਦੋਂਕਿ 172 ਆਰਏਟੀ ਨਮੂਨਿਆਂ ਵਿੱਚੋਂ ਇਕ ਦਾ ਨਤੀਜਾ ਪਾਜ਼ੇਟਿਵ ਪਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਖੁੱਲ੍ਹੇ ਹੋਏ ਸਕੂਲਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਭੇਜ ਕੇ ਸਕੂਲੀ ਵਿਦਿਆਰਥੀਆਂ ਤੇ ਮੁਲਾਜ਼ਮਾਂ ਦੇ 456 ਕੋਵਿਡ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚ 426 ਨਮੂਨੇ ਆਰਟੀਪੀਸੀਆਰ ਤੇ 30 ਆਰਏਟੀ ਨਮੂਨੇ ਸਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਾਸਕ ਲਗਾ ਕੇ ਰੱਖਣ ਅਤੇ ਭੀੜ ਵਾਲੀਆਂ ਥਾਵਾਂ ਉੱਤੇ ਨਾ ਜਾਣ ਦੀ ਅਪੀਲ ਕੀਤੀ।
ਡੀਸੀ ਵੱਲੋਂ ਟੈਸਟਿੰਗ ਵਧਾਉਣ ਦੇ ਹੁਕਮ
ਕੋਵਿਡ-19 ਮਹਾਮਾਰੀ ਦੀ ਤੀਜੀ ਲਹਿਰ ਦੀ ਸੰਭਾਵਨਾ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਅ੍ਰੰਮਿਤ ਕੌਰ ਗਿੱਲ ਨੇ ਸਿਵਲ ਸਰਜਨ ਮਾਲੇਰਕੋਟਲਾ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ ਹਾਈ ਰਿਸਕ ਅਦਾਰਿਆਂ ਅਤੇ ਸੰਸਥਾਵਾਂ ਵਿੱਚ ਕੋਵਿਡ ਦੇ ਲੱਛਣਾਂ ਦਾ ਪਤਾ ਲਗਾਉਣ ਲਈ ਟੈਸਟਿੰਗ ਦੀ ਦਰ ਵਿੱਚ ਵਾਧਾ ਕੀਤਾ ਜਾਵੇ।