ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਸਤੰਬਰ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਹੈ ਕਿ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ੍ਹ ਪਾਉਣ ਵਾਸਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਜੇਕਰ ਫਿਰ ਵੀ ਕਿਸੇ ਕਿਸਾਨ ਵੱਲੋਂ ਖੇਤਾਂ ’ਚ ਰਹਿੰਦ-ਖੂੰਹਦ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਸ ਦੇ ਮਾਲ ਰਿਕਾਰਡ ਵਿੱਚ ਲਾਲ ਸਿਆਹੀ ਨਾਲ ਐਂਟਰੀ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਰਾਲੀ ਸਾੜਨ ਤੋਂ ਕਿਸਾਨਾਂ ਨੂੰ ਵਰਜਣ ਅਤੇ ਵਾਤਾਵਰਨ ਤੇ ਖੇਤਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਾਉਣ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਦੇ ਕੁਦਰਤੀ ਅਤੇ ਮਸ਼ੀਨਰੀ ਦੀ ਵਰਤੋਂ ਨਾਲ ਯੋਗ ਪ੍ਰਬੰਧਨ ਦੇ ਢੰਗ ਵੀ ਦੱਸੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੇ ਯੋਗ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਗਰੁੱਪਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਜਿਸ ਦੀ ਵਰਤੋਂ ਨਾਲ ਕਿਸਾਨ ਝੋਨੇ ਤੋਂ ਬਾਅਦ ਅਗਲੀ ਫ਼ਸਲ ਖੇਤਾਂ ’ਚ ਅੱਗ ਲਗਾਏ ਬਿਨਾਂ ਬੀਜ ਸਕਦੇ ਹਨ।