ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਮਈ
1158 ਸਹਾਇਕ ਪ੍ਰੋਫੈਸਰ ਤੇ ਲਾਇਬਰੇਰੀਅਨ ਫਰੰਟ ਪੰਜਾਬ (ਸਰਕਾਰੀ ਕਾਲਜਾਂ) ਦੀ ਅਗਵਾਈ ਹੇਠ ਸਹਾਇਕ ਪ੍ਰੋਫੈਸਰਾਂ ਅਤੇ ਲਾਇਰੇਰੀਅਨ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਸਿੱਖਿਆ ਨੀਤੀਆਂ ਦੀ ਪੋਲ ਖੋਲ੍ਹ ਰੈਲੀ ਕੱਢੀ ਗਈ ਅਤੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਦਿਆਂ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ 1158 ਸਹਾਇਕ ਪ੍ਰੋਫੈਸਰ ਤੇ ਲਾਇਬਰੇਰੀਅਨ ਫਰੰਟ ਦੀ ਕਨਵੀਨਰ ਜਸਵਿੰਦਰ ਕੌਰ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੰਗਾਂ ਦੀ ਪ੍ਰਾਪਤੀ ਲਈ ਚੱਲ ਰਹੇ ਪੱਕੇ ਮੋਰਚੇ ਨੂੰ ਅੱਠ ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਰਵੱਈਏ ਖ਼ਿਲਾਫ਼ ਫਰੰਟ ਨੂੰ ਸਰਕਾਰ ਦੀਆਂ ਸਿੱਖਿਆ ਨੀਤੀਆਂ ਦੀਆਂ ਪੋਲ ਖੋਲ੍ਹ ਰੈਲੀਆਂ ਕੱਢਣ ਦਾ ਫੈਸਲਾ ਲਿਆ ਗਿਆ ਜਿਸ ਦੇ ਤਹਿਤ ਬੀਤੀ 5 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੋਲ ਖੋਲ੍ਹ ਰੈਲੀ ਕੱਢੀ ਗਈ। ਇਸ ਤੋਂ ਇਲਾਵਾ ਧੂਰੀ ਅਤੇ ਮਾਲੇਰਕੋਟਲਾ ਇਲਾਕਿਆਂ ਵਿੱਚ ਰੈਲੀਆਂ ਕੱਢ ਕੇ ਲੋਕਾਂ ਨੂੰ ਸਿੱਖਿਆ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਅੱਜ ਸੰਗਰੂਰ ’ਚ ਰੈਲੀ ਕੱਢ ਕੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਪੱਧਰ ਦਿਨੋਂ-ਦਿਨ ਡਿੱਗਦਾ ਜਾ ਰਿਹਾ ਹੈ। ਉਚੇਰੀ ਸਿੱਖਿਆ ਨੀਤੀਆਂ ਕਾਰਨ ਹੀ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਪਈ ਸੀ ਪਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਨਾ ਕੋਈ ਭਰੋਸਾ ਦਿੱਤਾ ਗਿਆ ਹੈ ਅਤੇ ਨਾ ਹੀ ਅਦਾਲਤ ਵਿੱਚ ਕੇਸ ਦੀ ਸੁਹਿਰਦਾ ਨਾਲ ਪੈਰਵਾਈ ਕੀਤੀ ਜਾ ਰਹੀ ਹੈ ਜਿਸ ਕਰਕੇ ਸਾਨੂੰ ਸਮਾਂ ਲੰਘਣ ਦੇ ਬਾਅਦ ਵੀ ਨਿਆਂ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਭਰਤੀ ਵਿੱਚ ਹੈਡਕੁਆਰਟਰ ਵਿੱਚ ਜੁਆਇਨ ਕਰਵਾਏ 483 ਮੁਲਾਜ਼ਮਾਂ ਨੂੰ ਕਾਲਜਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਸਾਨੂੰ ਕਾਲਜਾਂ ਵਿੱਚ ਨਹੀਂ ਭੇਜਿਆ ਗਿਆ ਤਾਂ ਫਰੰਟ ਵਲੋਂ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਵਿਚ ਪੁੱਜ ਕੇ ਪੰਜਾਬ ਦੀ ਸਿੱਖਿਆ ਨੀਤੀ ਦੀ ਪੋਲ ਖੋਲ੍ਹ ਰੈਲੀਆਂ ਕੱਢੀਆਂ ਜਾਣਗੀਆਂ ਅਤੇ ਸਿੱਖਿਆ ਮੰਤਰੀ ਦੇ ਪੁਤਲੇ ਫ਼ੂਕੇ ਜਾਣਗੇ।