ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਜੁਲਾਈ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅੱਜ ਇੱਥੇ ਜ਼ਿਲ੍ਹਾ ਸੰਗਰੂਰ ਭੱਠਾ ਮਾਲਕ ਐਸੋਸੀਏਸ਼ਨ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿੱਤੇ ਨਾਲ ਜੁੜੇ ਲੋਕਾਂ ਦੀ ਸਰਕਾਰੀ ਵਿਭਾਗਾਂ ਵਿੱਚ ਖੱਜਲ ਖ਼ੁਆਰੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਜਲਾਸ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭੱਠਾ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭੱਠਾ ਮਾਲਕਾਂ ਅਤੇ ਮਜ਼ਦੂਰਾਂ ਦੀ ਹੌਸਲਾ ਅਫਜ਼ਾਈ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਸਰਕਾਰ ਨੇ ਭੱਠਾ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਦਾ ਯਤਨ ਨਹੀਂ ਕੀਤਾ। ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਪੱਖੀ ਮਾਹੌਲ ਸਿਰਜਣ ਅਤੇ ਊਰਜਾ ਦੇ ਰਵਾਇਤੀ ਸਰੋਤਾਂ ਦੇ ਨਾਲ ਆਧੁਨਿਕ ਸਰੋਤਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਜਲਾਸ ਦੌਰਾਨ ਸੰਗਰੂਰ ਤੋਂ ਇਲਾਵਾ ਬਰਨਾਲਾ, ਮਾਲੇਰਕੋਟਲਾ ਤੇ ਪਟਿਆਲਾ ਦੇ ਭੱਠਾ ਮਾਲਕਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਭੱਠਾ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ, ਚੇਅਰਮੈਨ ਸੰਜੇ ਬਾਂਸਲ, ਜਨਰਲ ਸਕੱਤਰ ਗਿੰਨੀ ਗੁਪਤਾ, ਮਨਪ੍ਰੀਤ ਬਾਂਸਲ, ਹਕੂਮਤ ਰਾਏ, ਭੂਸ਼ਣ ਗਰਗ, ਹਰਦੀਪ ਸਿੰਘ ਭਰੂਰ ਵੀ ਹਾਜ਼ਰ ਸਨ।
ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਅਰੋੜਾ ਨੂੰ ਮਿਲਿਆ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਵੱਖ-ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਏ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਉਨ੍ਹਾਂ ਦੀ ਰਿਹਾਇਸ਼ ’ਚ ਮਿਲਿਆ। ਵਫਦ ਦੀ ਅਗਵਾਈ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ, ਸੂਬਾਈ ਪੈਨਸ਼ਨਰ ਆਗੂ ਅਤੇ ਜੈ ਜਵਾਲਾ ਸੇਵਾ ਸੰਮਤੀ ਦੇ ਚੇਅਰਮੈਨ ਰਾਜ ਕੁਮਾਰ ਅਰੋੜਾ ਵੱਲੋਂ ਕੀਤੀ ਗਈ। ਇਸ ਮੌਕੇ ਸਰਪ੍ਰਸਤ ਇੰਜਨੀਅਰ ਪ੍ਰਵੀਨ ਬਾਂਸਲ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਕਿਸ਼ੌਰੀ ਲਾਲ, ਜਨਕ ਰਾਜ ਜੋਸ਼ੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ, ਜਨਰਲ ਸਕੱਤਰ ਕੰਵਲਜੀਤ ਸਿੰਘ ਅਤੇ ਪ੍ਰਬੰਧਕੀ ਸਕੱਤਰ ਸੁਰਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ। ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਬਣਨ ’ਤੇ ਮੁਬਾਰਕਵਾਦ ਦਿੱਤੀ। ਉਨ੍ਹਾਂ ਕੈਬਨਿਟ ਮੰਤਰੀ ਨੂੰ ਐਸੋਸੀਏਸ਼ਨ ਵੱਲੋਂ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਬਾਰੇ ਜਾਣੂ ਕਰਵਾਇਆ।