ਖੇਤਰੀ ਪ੍ਰਤੀਨਿਧ
ਧੂਰੀ, 30 ਅਗਸਤ
ਨਗਰ ਕੌਂਸਲ ਧੂਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਬਣਾਏ ਪਾਰਕ ਦੀ ਹਾਲਤ ਤਰਸਯੋਗ ਹੋਣ ਕਾਰਨ ਰੋਜ਼ਾਨਾ ਪਾਰਕ ਅੰਦਰ ਸੈਰ ਕਰਨ ਵਾਲੀਆਂ ਔਰਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਅਵਿਨਾਸ਼ ਕੌਰ, ਪੁਸ਼ਪਾ ਦੇਵੀ, ਮਾਇਆ ਦੇਵੀ ਨੇ ਦੱਸਿਆ ਕਿ ਨਗਰ ਕੌਂਸਲ ਦੇ ਦਫ਼ਤਰ ਦੇ ਕੋਲ ਬਣੇ ਪਾਰਕ ਦੀ ਹਾਲਤ ਤਰਸਯੋਗ ਬਣ ਚੁੱਕੀ ਹੈ, ਪਾਰਕ ਅੰਦਰ ਨਾ ਸਫ਼ਾਈ ਦਾ ਪ੍ਰਬੰਧ ਹੈ ਅਤੇ ਨਾ ਹੀ ਇਸ ਦੀ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਬੱਚਿਆਂ ਲਈ ਪਾਰਕ ’ਚ ਝੂਲੇ ਲਾਏ ਸਨ, ਜਿਨ੍ਹਾਂ ਦੀ ਹਾਲਤ ਖ਼ਸਤਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਵਾਰਾ ਮੁੰਡੇ ਪਾਰਕ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਵਿਧਾਇਕ ਨੂੰ ਦਖ਼ਲ ਦੇਣ ਦੀ ਮੰਗ ਕੀਤੀ। ਵਿਧਾਇਕ ਗੋਲਡੀ ਨੇ ਕਿਹਾ ਕਿ ਲੋਕਾਂ ਦੀ ਇਸ ਸਮੱਸਿਆਂ ਦਾ ਫੌਰੀ ਹੱਲ ਕੀਤਾ ਜਾਵੇਗਾ। ਨਗਰ ਕੌਂਸਲ ਧੂਰੀ ਦੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਨੇ ਕਿਹਾ ਕਿ ਉਹ ਪਾਰਕ ਦੀ ਸਾਂਭ-ਸੰਭਾਲ ਲਈ ਸਖ਼ਤ ਹਦਾਇਤ ਕਰਨਗੇ।