ਖੇਤਰੀ ਪ੍ਰਤੀਨਿਧ
ਧੂਰੀ, 18 ਸਤੰਬਰ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਕੱਤਰ ਰਜੇਸ਼ ਕੁਮਾਰ ਆਦਿ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਾਂ। ਪਿਛਲੇ ਸਮਿਆਂ ਵਿੱਚ ਕਿਰਤ ਵਿਭਾਗ ਅਧਿਕਾਰੀਆਂ ਤੇ ਮੰਤਰੀਆਂ ਨਾਲ ਵੀ ਬੈਠਕਾਂ ਹੋਈਆਂ ਹਨ ਪਰ ਠੋਸ ਹੱਲ ਨਹੀਂ ਨਿਕਲਿਆ, ਜਿਸ ਕਾਰਨ ਦੁਬਾਰਾ ਫਿਰ ਠੇਕਾ ਕਾਮਿਆਂ ਦੀ ਕਰੰਟ ਲੱਗਣ ਕਾਰਨ ਹੋ ਰਹੇ ਹਾਦਸਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਤੇ ਪੱਕੀ ਨੌਕਰੀ ਦਾ ਪ੍ਰਬੰਧ ਕਰਵਾਉਣ ਲਈ, ਰੈਗੂਲਰ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਪੋਸਟਾਂ ’ਤੇ ਕੰਮ ਕਰਦੇ ਸੀਐੱਚਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕਰਨ, 1948 ਮੁਤਾਬਕ ਘੱਟੋ ਘੱਟ ਗੁਜ਼ਾਰੇ ਜੋਗੀ ਤਨਖ਼ਾਹ ਨਿਸ਼ਚਿਤ ਕਰਨ ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕਰਦੇ ਹੋਏ 20 ਸਤੰਬਰ ਨੂੰ ਨਿਗਰਾਨ ਇੰਜਨੀਅਰ ਪੀਐੱਸਪੀਸੀਐੱਲ ਤੇ ਸਹਾਇਕ ਕਿਰਤ ਕਮਿਸ਼ਨਰਾਂ (ਕਿਰਤ ਵਿਭਾਗ) ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤੇ ਜਾਣਗੇ ਅਤੇ 27 ਸਤੰਬਰ ਨੂੰ ਕਿਰਤ ਮੰਤਰੀ ਦੇ ਸ਼ਹਿਰ (ਖਰੜ) ਵਿੱਚ ਰੈਲੀ ਕੀਤੀ ਜਾਵੇਗੀ।