ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਦਸੰਬਰ
ਪੀ.ਐਸ.ਈ.ਬੀ. ਐਂਪਲਾਈਜ਼ ਫੈਡਰੇਸ਼ਨ (ਏਟਕ) ਮੰਡਲ ਮਾਲੇਰਕੋਟਲਾ ਵੱਲੋਂ ਮੰਡਲ ਦਫ਼ਤਰ ਦੇ ਗੇਟ ਅੱਗੇ ਮੰਡਲ ਪ੍ਰਧਾਨ ਰਣਜੀਤ ਸਿੰਘ ਬਿੰਜੋਕੀ ਦੀ ਪ੍ਰਧਾਨਗੀ ਹੇਠ ਰੈਲੀ ਕਰਦਿਆਂ ਪਾਵਰਕੌਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਰਾਜਵੰਤ ਸਿੰਘ, ਗੁਰਜੰਟ ਸਿੰਘ, ਜਗਦੇਵ ਸਿੰਘ, ਕ੍ਰਿਪਾਲ ਸਿੰਘ, ਗੁਰਜੀਤ ਸਿੰਘ, ਮਨਜਿੰਦਰ ਸਿੰਘ, ਗੁਰਧਿਆਨ ਸਿੰਘ, ਜਗਮੇਲ ਸਿੰਘ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਜੋ ਸੰਘਰਸ਼ ਬਿਜਲੀ ਏਕਤਾ ਮੰਚ ਵੱਲੋਂ ਲੜਿਆ ਜਾ ਰਿਹਾ ਹੈ, ਉਸ ਬਾਰੇ ਜਥੇਬੰਦੀ ਦੀ ਕਈ ਵਾਰ ਮੈਨੇਜਮੈਂਟ ਨਾਲ ਮੀਟਿੰਗਾਂ ਹੋਈਆਂ, ਜਿਸ ਵਿੱਚ ਕਾਫੀ ਮੰਗਾਂ ’ਤੇ ਵਾਰ-ਵਾਰ ਸਹਿਮਤੀ ਹੋਣ ਦੇ ਬਾਵਜੂਦ ਮਨੈਜਮੈਂਟ ਮੰਗਾਂ ਨੂੰ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੀ ਹੈ। ਜਿਸ ਕਰਕੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਇਨ੍ਹਾਂ ਮੰਗਾਂ ਵਿੱਚ ਨਵੀਂ ਭਰਤੀ ਚਾਲੂ ਕਰਨ, ਪੇ-ਬੈਂਡ 1-12-11 ਤੋਂ ਸਾਰੇ ਕਰਮਚਾਰੀਆਂ ਨੂੰ ਦੇਣਾ, 23 ਸਾਲਾ ਸਕੇਲ ਬਿਨਾ ਸ਼ਰਤ ਸਾਰੇ ਕਰਮਚਾਰੀਆਂ ਨੂੰ ਦੇਣਾ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਨਵੇਂ ਭਰਤੀ ਹੋਣ ਵਾਲੇ ਸਾਰੇ ਕਰਮਚਾਰੀਆਂ ਦਾ ਪਰਖ਼ ਕਾਲ ਸਮਾਪਤ ਕਰਨਾ, ਖਾਲੀ ਪੋਸਟਾਂ ਭਰਨਾ ਆਦਿ ਸ਼ਾਮਲ ਹਨ। ਇਨ੍ਹਾਂ ਮੰਗਾਂ ਨੂੰ ਲਾਗੂ ਕਰਾਉਣ ਲਈ 15 ਦਸੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਦੇ ਤਿੰਨੇ ਗੇਟਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।