ਗੁਰਦੀਪ ਸਿੰਘ ਲਾਲੀ/ਹੁਸ਼ਿਆਰ ਸਿੰਘ ਰਾਣੂ
ਸੰਗਰੂਰ/ਮਾਲੇਰਕੋਟਲਾ, 16 ਸਤੰਬਰ
ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਅੱਜ ਤਿੰਨ ਘੰਟੇ ਮੁਕੰਮਲ ਦਫ਼ਤਰੀ ਕੰਮਕਾਜ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਅੱਜ ਤੋਂ ਲੈ ਕੇ 31 ਅਕਤੂਬਰ ਤੱਕ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਤਿੰਨ ਘੰਟੇ ਕੰਮਕਾਜ ਠੱਪ ਕਰਕੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਸੰਗਰੂਰ ਦੇ ਪ੍ਰਧਾਨ ਜੋਗਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀਸੀ ਦਫ਼ਤਰ ਕਾਮਿਆਂ ਦੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਾਰਨ ਉਹ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹਨ। ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੁਪਰਡੈਂਟਾਂ ਦੀਆਂ ਪ੍ਰੋਮੋਸ਼ਨਾਂ ਕਰਨ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਦਾ ਕੋਟਾ ਵਧਾਉਣ ਸਬੰਧੀ, ਸਿੱਧੀ ਭਰਤੀ ਦੀਆਂ ਅਸਾਮੀਆਂ ਤੇ ਲਗਾਈ ਰੋਕ ਹਟਾ ਕੇ ਪ੍ਰੋਮੋਸ਼ਨਾਂ ਕਰਨ, ਡੀਸੀ ਦਫ਼ਤਰ ਦੇ ਕਰਮਚਾਰੀਆਂ ਨੂੰ ਪ੍ਰਸ਼ਾਸਕੀ ਭੱਤਾ ਦੇਣ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, 1995 ਦੇ ਨਾਰਮਜ਼ ਅਨੁਸਾਰ ਡੀਸੀ ਦਫਤਰਾਂ, ਐੱਸਡੀਐੱਮ ਦਫਤਰਾਂ, ਤਹਿਸੀਲ ਦਫਤਰਾਂ ਅਤੇ ਸਬ-ਤਹਿਸੀਲ ਦਫਤਰਾਂ ਵਿੱਚ ਅਸਾਮੀਆਂ ਦੀ ਰਚਨਾ ਕਰਨਆਦਿ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਬਲਵਿੰਦਰ ਸਿੰਘ ਅੱਤਰੀ, ਸੀਨੀਅਰ ਮੀਤ ਪ੍ਰਧਾਨ ਨੀਤੂ, ਮੀਤ ਪ੍ਰਧਾਨ ਸਤਗੁਰ ਸਿੰਘ, ਜੂਨੀਅਰ ਮੀਤ ਪ੍ਰਧਾਨ ਤਰਿੰਦਰਜੀਤ ਸਿੰਘ, ਸਹਾਇਕ ਸਕੱਤਰ ਸੁਖਦੀਪ ਸਿੰਘ, ਖਜ਼ਾਨਚੀ ਜੀਵਨ ਕੁਮਾਰ, ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਅਮਰਜੀਤ ਕੌਰ, ਅਮਨਦੀਪ ਕੌਰ, ਸ਼ਾਲੂ ਅਤੇ ਹੋਰ ਆਗੂ ਮੌਜੂਦ ਸਨ।
ਇਸੇ ਤਰ੍ਹਾਂ ਮਾਲੇਰਕੋਟਲਾ ’ਚ ਪੰਜਾਬ ਸਟੇਟ ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਡੀਸੀ ਦਫ਼ਤਰ ਵਿੱਚ ਡੀਸੀ ਦਫ਼ਤਰ, ਮਾਲੇਰਕੋਟਲਾ, ਐੱਸਡੀਐੱਮ ਦਫ਼ਤਰ ਮਾਲੇਰਕੋਟਲਾ, ਅਮਰਗੜ੍ਹ, ਅਹਿਮਦਗੜ੍ਹ ਤੇ ਤਹਿਸੀਲ ਦਫ਼ਤਰ, ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੇ ਸਟਾਫ ਵੱਲੋਂ 11 ਤੋਂ 2 ਵਜੇ ਤੱਕ ਆਪਣੀਆਂ ਹੱਕੀ ਮੰਗਾਂ ਲਈ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਵੀਰ ਸਿੰਘ ਅਤੇ ਮੁੱਖ ਬੁਲਾਰੇ ਗੁਰਪ੍ਰੀਤ ਸਿੰਘ ਸਹੋਤਾ ਨੇ ਕਿਹਾ ਕਿ ਡੀਸੀ ਦਫ਼ਤਰਾਂ ਵਿਚ ਕੰਮ ਕਰਦੇ ਸਟਾਫ ਦੀਆਂ ਮੰਗਾਂ ਵਿਚਾਰਨ ਲਈ ਸਰਕਾਰ ਵੱਲੋਂ ਯੂਨੀਅਨ ਨਾਲ ਮੀਟਿੰਗ ਕਰਨ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਪੰਨੂ, ਬਲਵੀਰ ਸਿੰਘ, ਧਰਮ ਸਿੰਘ, ਹਰਪ੍ਰੀਤ ਸ਼ਰਮਾ, ਰਾਜੇਸ਼ ਸ਼ਰਮਾ, ਦਵਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਬੇਅੰਤ ਸਿੰਘ, ਅਮਜ਼ਦ ਪ੍ਰਵੇਜ਼ ਆਦਿ ਵੀ ਹਾਜ਼ਰ ਸਨ।