ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਅਕਤਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਬਣੇ ਸਾਂਝੇ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ, ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰ ਭੈਣੀ ਅਤੇ ਬਲਵਿੰਦਰ ਸਿੰਘ ਕੱਲਰ ਭੈਣੀ ਦੀ ਅਗਵਾਈ ਹੇਠ ਪਿੰਡ ਸਲੇਮਗੜ੍ਹ, ਚੱਠੇ ਗੋਬਿੰਦਪੁਰਾ, ਢੀਂਡਸਾ, ਬੱਲਰਾਂ, ਕੱਲਰ ਭੈਣੀ ਵਿੱਚ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਦੂਜੀਆਂ ਰਵਾਇਤੀ ਵੋਟ ਪਾਰਟੀਆਂ ਦੀ ਤਰ੍ਹਾਂ ਵੋਟ ਜੁਮਲੇ ਹੀ ਸਾਬਤ ਹੋਏ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਕੋਠੀ ਅੱਗੇ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਤਿੰਨ ਰੋਜ਼ਾ ਧਰਨਾ ਦਿੱਤਾ ਗਿਆ ਸੀ ਜਿਸ ਦੌਰਾਨ ਸਰਕਾਰ ਨੇ ਮਜ਼ਦੂਰ ਆਗੂਆਂ ਨਾਲ ਲਿਖਤੀ ਚਿੱਠੀ ਰਾਹੀਂ 29 ਸਤੰਬਰ ਅਤੇ 3 ਅਕਤੂਬਰ ਨੂੰ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਜੋ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਮਜ਼ਦੂਰ ਵਰਗ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਹੁਣ ਵੀ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਅਤੇ ਲੰਮੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ।