ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਜੁਲਾਈ
ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਇਥੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਚੱਲ ਰਿਹਾ ਪੱਕਾ ਮੋਰਚਾ 296ਵੇਂ ਦਿਨ ਵੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਜਾਰੀ ਰਿਹਾ। ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ, ਸੂਬਾ ਸਿੰਘ ਸੰਗਤਪੁਰਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ ਕਲਾਂ ਆਦਿ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਸੜਕਾਂ ਉੱਤੇ ਸਾਲਾਂ ਤੋਂ ਰੁਲ ਰਿਹਾ ਹੈ ਪਰ ਸਿਆਸੀ ਪਾਰਟੀਆਂ ਨੂੰ ਆਪਣੀ ਤਾਜਪੋਸ਼ੀ ਕਰਨ ਦੀ ਹੋੜ ਲੱਗੀ ਰਹਿੰਦੀ ਹੈ ਪਰ ਉਹ ਇਹ ਸਭ ਜਾਣਦੇ ਵੀ ਹਨ ਕਿ ਕਿਸਾਨਾਂ ਮਜ਼ਦੂਰਾਂ ਬਿਨਾਂ ਸਾਡਾ ਕੱਖ ਵੀ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਚੱਲ ਰਹੇ ਕਿਸਾਨ ਜਨ ਅੰਦੋਲਨ ਨੇ ਫੇਕੂ ਸਰਕਾਰਾਂ ਦੇ ਪਰਦੇਫਾਸ਼ ਕਰਕੇ ਆਮ ਲੋਕਾਂ ਦੇ ਨਜ਼ਰੀਏ ਬਦਲ ਕੇ ਲੜਣ ਲਈ ਪ੍ਰੇਰਿਤ ਕੀਤਾ ਹੈ।
ਪਿੰਡ ਹਥਨ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਲਈ ਪਿੰਡਾਂ ’ਚੋਂ ਕਿਸਾਨ ਜਥਿਆਂ ਦਾ ਰਵਾਨਾ ਹੋਣ ਦਾ ਸਿਲਸਿਲਾ ਜਾਰੀ ਹੈ। ਅੱਜ ਪਿੰਡ ਹਥਨ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਦੀ ਅਗਵਾਈ ਵਿੱਚ ਕਿਸਾਨਾਂ ਦਾ 42ਵਾਂ ਜਥਾ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਟਿਕਰੀ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਅਤੇ ਨਾਹਰ ਸਿੰਘ ਨੇ ਕਿਹਾ ਕਿ ਹੁਣ ਤੱਕ ਦਿੱਲੀ ਕਿਸਾਨ ਸੰਘਰਸ਼ ’ਚ ਪੰਜਾਬ ਦੇ ਕਰੀਬ 192 ਕਿਸਾਨਾਂ ਸਮੇਤ ਦੇਸ਼ ਦੇ ਕਰੀਬ ਪੰਜ ਸੌ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਇੰਨੀ ਅਸੰਵੇਦਨਸ਼ੀਲ ਹੈ ਕਿ ਟੱਸ ਤੋਂ ਮੱਸ ਨਹੀਂ ਹੋ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ ਸਗੋਂ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋਵੇਗਾ। ਇਸ ਲਈ ਸਮਾਜ ਦੇ ਹਰ ਵਰਗ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਬਣਨਾ ਚਾਹੀਦਾ ਹੈ। ਆਗੂਆਂ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ।