ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਨਵੰਬਰ
ਇਥੇ 401ਵੇਂ ਦਿਨ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ’ਚ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਜਾਰੀ ਰਿਹਾ। ਅੱਜ ਦੇ ਧਰਨੇ ਦੀ ਸਟੇਜ ਕਿਸਾਨ ਔਰਤਾਂ ਨੇ ਸੰਭਾਲੀ ਅਤੇ ਬੱਚਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਡੀਏਪੀ ਖਾਦ ਦੀ ਘਾਟ ਨੂੰ ਪੰਜਾਬ ਸਰਕਾਰ ਪੂਰੀ ਕਰੇ। ਉਨ੍ਹਾਂ ਕਿਸਾਨਾਂ ਨੂੰ ਸੋਮਵਾਰ ਨੂੰ ਐੱਸਡੀਐੱਮ ਦਫ਼ਤਰ ਅੱਗੇ ਧਰਨੇ ’ਚ ਸ਼ਿਰਕਤ ਕਰਨ ਲਈ ਪ੍ਰੇਰਿਆ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿੱਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਨਰਮੇ ਦੀ ਲਾਲ ਸੁੰਡੀ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਲਾਕੇ ਵਿੱਚ ਕਾਂਗਰਸੀ ਮੰਤਰੀਆਂ ਦੇ ਪ੍ਰੋਗਰਾਮਾਂ ਦਾ ਵਿਰੋਧ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿੱਚ ਵੀ ਧਰਨਾ ਜਾਰੀ ਰੱਖਿਆ ਗਿਆ।
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਕੋਲ ਟੋਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ 399 ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਪੰਜਾਬ ਸਰਕਾਰ ਲੋਕਾਂ ਨੂੰ ਸਸਤੀ ਬਿਜਲੀ ਦੇ ਕੇ ਗੁੰਮਰਾਹ ਕਰ ਰਹੀ ਹੈ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਸੁ ੱਖਜੀਤ ਸਿੰਘ ਲੱਡਾ ਹਾਜ਼ਰ ਸਨ।