ਪੱਤਰ ਪ੍ਰੇਰਕ
ਸ਼ੇਰਪੁਰ, 9 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਡਾਰਕ ਜ਼ੋਨ ਦੇ ਪਿੰਡਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਦੀ ਸੁਹਿਰਦਤਾ ਦਾ ਦਾਅਵਾ ਕਰਦਿਆਂ ਕਿਹਾ ਸਰਕਾਰ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁੱਝ ਮਹੀਨਿਆਂ ਦੇ ਕਾਰਜਕਾਲ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਰਿਸ਼ਵਤਖੋਰੀ ਨੂੰ ਠੱਲ੍ਹ ਪੈਣ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਮੇਤ ਲਏ ਕਈ ਹੋਰ ਵੱਡੇ ਫੈਸਲੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ‘ਆਪ’ ਸਰਕਾਰ ਦੀ ਨੀਤੀ ਤੇ ਨੀਤ ਦੋਵੇਂ ਸਾਫ ਹਨ। ਉਹ ਇੱਥੇ ਸਰਕਾਰੀ ਹਸਪਤਾਲ ਸ਼ੇਰਪੁਰ ਵਿੱਚ ਲੱਗੇ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਨਹਿਰੀ ਪਾਣੀ ਦੀ ਮੰਗ ਕਰ ਰਹੇ ਕਿਸਾਨਾਂ ਤੇ ਸਬੰਧਤ ਵਿਭਾਗ ਦੇ ਮੰਤਰੀ ਵਿਚਾਲੇ ਖੁਦ ਮੀਟਿੰਗ ਕਰਵਾਉਣ ਦੀ ਪੇਸ਼ਕਸ਼ ਕਰਦਿਆਂ ਇਸ ਕਾਰਜ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਸ਼ੇਰਪੁਰ ਦੇ ਨਹਿਰੀ ਖਾਲਿਆਂ ਲਈ ਸਰਕਾਰ ਵੱਲੋਂ ਸੱਤ ਕਰੋੜ ਰੁਪਏ ਆਉਣ ਦਾ ਖੁਲਾਸਾ ਵੀ ਕੀਤਾ। ਐੱਸਐੱਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਕੈਂਪ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।