ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 11 ਜੁਲਾਈ
ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਬਣਾਉਣ ਦਾ ਜੋ ਐਲਾਨ ਕੀਤਾ ਗਿਆ ਹੈ, ਇਹ ਵਧੀਆ ਉਪਰਾਲਾ ਹੈ ਪਰ ਜੋ ਸਰਕਾਰ ਨੇ ਕਾਹਲੀ ਵਿੱਚ ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ 25 ਏਕੜ ਜ਼ਮੀਨ ਮਾਲ ਮਹਿਕਮੇ ਦੀ ਕਥਿਤ ਮਿਲੀਭੁਗਤ ਨਾਲ ਆਪਣੇ ਨਾਮ ਕਰਵਾਈ ਗਈ ਹੈ ਜਦੋਂ ਕਿ ਇਹ ਜ਼ਮੀਨ ਅਕਾਲ ਕਾਲਜ ਕੌਂਸਲ ਅਧੀਨ ਆਉਂਦੀ ਹੈ। ਢੀਂਡਸਾ ਨੇ ਕਿਹਾ ਕਿ ਜੇਕਰ ਮੈਡੀਕਲ ਕਾਲਜ ਬਣਾਉਣ ਸਬੰਧੀ ਜ਼ਮੀਨ ਲੈਣੀ ਸੀ ਤਾਂ ਪੰਜਾਬ ਸਰਕਾਰ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਨਾਲ ਰਾਬਤਾ ਕਰ ਸਕਦੀ ਸੀ ਪਰ ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਕਮੇਟੀ ਦੇ ਕੁਝ ਮੈਂਬਰਾਂ ਤੋਂ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣਾ ਕਾਨੂੰਨ ਦੀ ਉਲੰਘਣਾ ਹੈ।