ਪੱਤਰ ਪ੍ਰੇਰਕ
ਸ਼ੇਰਪੁਰ, 15 ਜੂਨ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸਰਕਾਰ ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਪਰ ਕਿਸੇ ਸਾਂਝੀ ਸਮਝ ’ਤੇ ਪਹੁੰਚਣ ਲਈ ਅਧਿਆਪਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ। ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਮੰਨਿਆ ਕਿ ਸਿੱਖਿਆ ਪ੍ਰੋਵਾਈਡਰ, ਈਜੀਐੱਸ, ਏਆਈਈ, ਐੱਸਟੀਆਰ ਅਧਿਆਪਕ ਡੇਢ ਦਹਾਕੇ ਤੋਂ ਸਰਕਾਰੀ ਸਕੂਲਾਂ ਵਿੱਚ ਨਿਗੁੂਣੀਆਂ ਤਨਖਾਹਾਂ ‘ਤੇ ਕੰਮ ਰਹੇ ਹਨ, ਜਿਨ੍ਹਾਂ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਮੌਕੇ ਉਮਰ ਛੋਟ ਸਮੇਤ ਤਜਰਬੇ ਦੇ ਪ੍ਰਤੀ ਸਾਲ ਇੱਕ ਨੰਬਰ ਤਹਿਤ ਕੁੱਲ 10 ਨੰਬਰ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਖਾਸ ਤੌਰ ’ਤੇ ਸਾਬਕਾ ਕਾਂਗਰਸੀ ਵਿਧਾਇਕਾ ਬੀਬੀ ਹਰਚੰਦ ਕੌਰ, ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਸਾਬਕਾ ਸਰਪੰਚ ਜਸਮੇਲ ਬੜੀ ਵੀ ਹਾਜ਼ਰ ਸਨ। ਉਧਰ ਕੱਚੇ ਅਧਿਆਪਕ ਮੋਰਚੇ ਵੱਲੋਂ ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਅਜਮੇਰ ਔਲਖ ਨੇ ਕਿਹਾ ਕਿ ਸਰਕਾਰ ਨੇ ਅੱਜ ਇੱਕ ਵਾਰ ਫਿਰ ਮੀਟਿੰਗ ਰੱਦ ਕਰਕੇ ਇਹ ਸਿੱਧ ਕਰ ਦਿੱਤਾ ਕਿ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਗੰਭੀਰ ਨਹੀਂ ਤੇ 27 ਦਾ ਪੇਪਰ ਲੈ ਕੇ ਮਾਮਲੇ ਦੀ ਦਸ਼ਾ ਤੇ ਦਿਸ਼ਾ ਬਦਲਣ ਲੱਗੀ ਹੋਈ ਹੈ। ਇਸ ਦੌਰਾਨ ਉਨ੍ਹਾਂ 16 ਜੂਨ ਨੂੰ ਪੰਜਾਬ ਦੇ ਸਮੂਹ ਕੱਚੇ ਅਧਿਆਪਕਾਂ ਨੂੰ ਮੁਹਾਲੀ ਪੁੱਜਣ ਦਾ ਸੱਦਾ ਦਿੱਤਾ।