ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ
ਪਿੰਡ ਬਚਾਓ ਪੰਜਾਬ ਬਚਾਓ ਮੁਹਿੰਮ ਦੇ ਆਗੂਆਂ ਵੱਲੋਂ ਸੁਨਾਮ ਬਲਾਕ ਅੰਦਰ ਬਖਸ਼ੀਵਾਲਾ ਵਿੱਚ ਹੋਏ ਗ੍ਰਾਮ ਸਭਾ ਦੇ ਅਜਲਾਸ ਅੰਦਰ ਖੇਤੀਬਾੜੀ ਸਬੰਧੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਕਰਵਾਉਣ ਲਈ ਮਤਾ ਪਾਸ ਕਰ ਦਿੱਤਾ ਗਿਆ।
ਪਿੰਡ ਬਚਾਓ ਪੰਜਾਬ ਬਚਾਓ ਦੇ ਆਗੂ ਕਰਨੈਲ ਸਿੰਘ ਜਖੇਪਲ, ਤਰਲੋਚਨ ਸਿੰਘ ਸੂਲਰ ਘਰਾਟ ਅਤੇ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਨਾਲ ਸਬੰਧਤ ਤਿੰਨ ਆਰਡੀਨੈਂਸ ਪਾਸ ਕਰਨ ਅਤੇ ਬਿਜਲੀ ਸੋਧ ਬਿੱਲ ਨੂੰ ਪਾਸ ਕਰਨ ਦੇ ਰਾਹ ਪੈ ਕੇ ਰਾਜ ਸਰਕਾਰ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਫੈਡਰਲਿਜ਼ਮ ਦੀ ਸੰਵਿਧਾਨਕ ਵਿਦਵਤਾ ’ਤੇ ਹਮਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਰਡੀਨੈਂਸਾਂ ਨਾਲ ਕਿਸਾਨਾਂ ਦੇ ਨਾਲ ਨਾਲ ਹੋਰ ਵਰਗ ਬੇਰੁਜ਼ਗਾਰ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਖੇਤੀ ਦੇ ਬਦਲਵੇਂ ਮਾਡਲ ਪੇਸ਼ ਕਰਨੇ ਜ਼ਰੂਰੀ ਹਨ।
ਇਸ ਮੌਕੇ ਸਰਪੰਚ ਮਿੱਠੂ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ ਅਤੇ ਕਰਮਜੀਤ ਸਿੰਘ ਸਾਬਕਾ ਸਰਪੰਚ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।