ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੂਨ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ’ਚ ਜਿਥੇ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਰੋਹ ਬਰਕਰਾਰ ਹੈ ਉਥੇ ਹੁਣ ਪੰਜਾਬ ਸਰਕਾਰ ਖ਼ਿਲਾਫ਼ ਵੀ ਕਿਸਾਨ ਗਰਜ ਰਹੇ ਹਨ। ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਹੇ ਰੋਸ ਧਰਨੇ ਵਿਚ ਕਿਸਾਨ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਖ਼ਿਲਾਫ ਅਤੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ 2 ਜੁਲਾਈ ਨੂੰ ਡੀ.ਸੀ. ਦਫ਼ਤਰ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਆਗੂਆਂ ਜਗਤਾਰ ਸਿੰਘ ਕਾਲਾਝਾੜ ਅਤੇ ਜਨਕ ਸਿੰਘ ਭੂਟਾਲ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਮਹਿੰਗਾਈ ਨੇ ਲੋਕਾਂ ਦਾ ਜੀਣਾ ਦੁਭੱਰ ਕਰ ਦਿੱਤਾ ਹੈ ਤੇ ਜ਼ਰੂਰੀ ਵਸਤਾਂ ਵੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀਆਂ ਹਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਲਹਿਲ ਖੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ 272ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਅੱਜ ਸਟੇਜ ਦਾ ਸੰਚਾਲਨ ਪ੍ਰੀਤਮ ਲਹਿਲ ਕਲਾਂ ਨੇ ਕੀਤਾ। ਨੌਜਵਾਨ ਨੇ ਇਨਕਲਾਬੀ ਗੀਤ ਪ੍ਰੇਸ਼ ਕਰਕੇ ਅੱਤ ਦੀ ਗਰਮੀ ’ਚ ਕਿਸਾਨਾਂ ਦੇ ਖੂਨ ਨੂੰ ਹੋਰ ਗਰਮਾਇਆ। ਇਸ ਧਰਨੇ ਨੂੰ ਕਿਸਾਨ ਆਗੂ ਰਿੰਕੂ ਮੂਨਕ, ਮਾਸਟਰ ਗੁਰਚਰਨ ਸਿੰਘ ਖੋਖਰ, ਲੀਲਾ ਸਿੰਘ ਚੋਟੀਆਂ, ਨਿੱਕਾ ਸਿੰਘ ਸੰਗਤੀਵਾਲਾ ਤੇ ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਥੇ ਨੌ ਮਹੀਨੇ ਅਤੇ ਦਿੱਲੀ ’ਚ 7 ਮਹੀਨੇ ਤੋਂ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਤੇ ਉਹ ਅੱਗੇ ਵੀ ਡਟੇ ਰਹਿਣਗੇ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਭਾਜਪਾਈਆਂ ਵੱਲੋਂ ਕਿਸਾਨਾਂ ਨਾਲ ਕੀਤੇ ਵਿਹਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਜਮਹੂਰੀ ਢੰਗ ਨਾਲ ਕੀਤੇ ਜਾ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੇ ਨਾ ਕਰੇ, ਜਿਸ ਦੇ ਭਿਆਨਕ ਨਤੀਜੇ ਨਿਕਲ ਸਕਦੇ ਹਨ।
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਜਤਿੰਦਰ ਸਿੰਘ ਕਹੈਰੂ ਤੇ ਦਰਸ਼ਨ ਸਿੰਘ ਪੇਧਨੀ ਦੀ ਅਗਵਾਈ ਵਿੱਚ ਲਾਇਆ ਧਰਨਾ 272ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਉਨ੍ਹਾਂ ਕੇਂਦਰ ’ਤੇ ਖੇਤੀਬਾੜੀ ਨੂੰ ਤਬਾਹ ਕਰਨ ਦੇ ਦੋਸ਼ ਵੀ ਲਾਏ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ ਤੇ ਬਲਵਿੰਦਰ ਸਿੰਘ ਪੇਧਨੀ ਸਣੇ ਹੋਰ ਆਗੂ ਮੌਜੂਦ ਸਨ।
ਅਮਰਗੜ੍ਹ (ਪੱਤਰ ਪ੍ਰੇਰਕ): ਟੌਲ ਪਲਾਜ਼ਾ ਮਾਹੋਰਾਣਾ ਵਿੱਚ ਕਿਸਾਨਾਂ ਵੱਲੋਂ ਲਗਾਏ ਧਰਨੇ ਦੇ 265ਵੇਂ ਦਿਨ ਕਿਸਾਨ ਆਗੂ ਨਰਿੰਦਰਜੀਤ ਸਿੰਘ ਸਲਾਰ ਤੇ ਕਰਮਜੀਤ ਸਿੰਘ ਬਨਭੌਰਾ ਆਦਿ ਨੇ ਕਿਹਾ ਕਿ ਕੇਂਦਰ ਦੀ ਅੜੀਅਲ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਲੰਮਾ ਚੱਲਣ ਦੀ ਉਮੀਦ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦਾ ਸੱਦਾ ਦਿੰਦਿਆਂ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਲਈ ਜ਼ਰੂਰੀ ਸਾਮਾਨ ਭੇਜਣ ਦੀ ਵੀ ਅਪੀਲ ਕੀਤੀ। ਇਸ ਮੌਕੇ ਰਾਜਿੰਦਰ ਸਿੰਘ ਬਨਭੌਰਾ, ਜੰਗ ਸਿੰਘ, ਮਾ ਬਲਬੀਰ ਸਿੰਘ ਬਨਭੌਰਾ, ਹਰਨੇਕ ਸਿੰਘ ਤੋਲੇਵਾਲ, ਰਣਜੀਤ ਸਿੰਘ ਲਾਂਗੜੀਆਂ ਆਦਿ ਹਾਜ਼ਰ ਸਨ।