ਹਰਦੀਪ ਸਿੰਘ ਸੋਢੀ
ਧੂਰੀ, 10 ਜੂਨ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਚੋਣ ਦਫ਼ਤਰ ਦਾ ਉਦਘਾਟਨ ਅੱਜ ਇੱਥੇ ਉਨ੍ਹਾਂ ਦੀ ਪਤਨੀ ਸਿਮਰਤ ਕੌਰ ਖੰਗੂੜਾ ਵੱਲੋਂ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਖੰਗੂੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇਕ ਨੌਜਵਾਨ ਨੂੰ ਟਿਕਟ ਦੇ ਕੇ ਨੌਜਵਾਨਾਂ ਉੱਪਰ ਭਰੋਸਾ ਜਤਾਇਆ ਤੇ ਉਹ ਇਸ ਚੋਣ ਜਿੱਤਣ ਲਈ ਸਖ਼ਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਟਿਕਟ ਮਿਲਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਰਕਾਰ ਦੇ ਕਾਬੂ ਵਿੱਚ ਨਹੀਂ ਅਤੇ ਮਾੜੇ ਹਾਲਾਤ ਦਾ ਅਸਰ ਪੰਜਾਬ ਦੇ ਵਪਾਰ ਉੱਪਰ ਵੀ ਪੈਣ ਲੱਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਵਿਕਾਸ ਦੇ ਨਾਂਅ ਹੇਠ ਲੜਨ ਦੇ ਨਾਲ ਨਾਲ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਦਿਵਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ। ਇਸ ਮੌਕੇ ਹੰਸ ਰਾਜ ਗੁਪਤਾ, ਗੁਰਬਖ਼ਸ ਸਿੰਘ, ਚੇਅਰਮੈਨ ਮੁਨੀਸ਼ ਗਰਗ, ਚੇਅਰਮੈਨ ਚਮਕੌਰ ਸਿੰਘ ਕੁੰਬੜਵਾਲ, ਇੰਦਰਪਾਲ ਗੋਲਡੀ, ਅੱਛਰਾ ਸਿੰਘ ਭਲਵਾਨ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਤੇ ਕੌਂਸਲਰ ਆਦਿ ਹਾਜ਼ਰ ਸਨ।
ਸਿੰਗਲਾ ਵੱਲੋਂ ਗੋਲਡੀ ਦੇ ਹੱਕ ਵਿੱਚ ਵਰਕਰ ਮੀਟਿੰਗ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਰਣਨੀਤੀ ਤੈਅ ਕਰਨ ਲਈ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਿੰਗਲਾ ਵੰਲੋਂ ਵਰਕਰਾਂ ਨੂੰ ਗੋਲਡੀ ਦੀ ਜਿੱਤ ਲਈ ਦਿਨ-ਰਾਤ ਇੱਕ ਕਰਨ ਦਾ ਸੱਦਾ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ, ਕਾਂਗਰਸ ਨੇ ਹਮੇਸ਼ਾ ਦੱਬੇ ਕੁਚਲੇ ਲੋਕਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਅੱਜ ਸਾਨੂੰ ਕਾਂਗਰਸ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦੀ ਵੱਡੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਦੀ ਜ਼ਿਮਨੀ ਚੋਣ ’ਚ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ।