ਪੱਤਰ ਪ੍ਰੇਰਕ
ਭਵਾਨੀਗੜ੍ਹ, 14 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਵੱਲੋਂ ਅੱਜ ਟਰੱਕ ਯੂਨੀਅਨ ਭਵਾਨੀਗੜ੍ਹ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਚੋਣ ਲੜਨ ਦਾ ਇਕੋ ਇਕ ਉਦੇਸ਼ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ ਹੈ। ਇਸ ਮੌਕੇ ਟਰੱਕ ਅਪਰੇਟਰਾਂ ਨੂੰ ਸੰਬੋਧਨ ਕਰਦਿਆਂ ਕਮਲਦੀਪ ਕੌਰ ਰਾਜੋਆਣਾ, ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘਰੇੜੀ, ਵਿਰਸਾ ਸਿੰਘ ਵਲਟੋਹਾ, ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਵਕਤ ਪੰਜਾਬ ਦਾ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਿਆ ਹੈ। ਕੋਈ ਵੀ ਵਿਅਕਤੀ ਆਪਣੇ ਆਪ ਨੂੰ ਪੰਜਾਬ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਤਿੰਨ ਕੁ ਮਹੀਨਿਆਂ ਦੇ ਵਿੱਚ ਹੀ ਪੰਜਾਬ ਸਰਕਾਰ ਦਾ ਜਨਾਜ਼ਾ ਨਿਕਲ ਚੁੱਕਿਆ ਹੈ। ਲਗਾਤਾਰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਲੱਗਣ ਕਾਰਨ ਸੰਗਰੂਰ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ। ਇਸੇ ਤਰ੍ਹਾਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੇੜਲੇ ਪਿੰਡ ਬਲਿਆਲ, ਬਾਲਦ ਖੁਰਦ, ਨਦਾਮਪੁਰ, ਚੰਨੋ, ਭੜ੍ਹੋ, ਭਵਾਨੀਗੜ੍ਹ ਸ਼ਹਿਰ, ਕਾਕੜਾ ਅਤੇ ਫਤਹਿਗੜ੍ਹ ਭਾਦਸੋਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ।