ਪੱਤਰ ਪ੍ਰੇਰਕ
ਭਵਾਨੀਗੜ੍ਹ, 20 ਸਤੰਬਰ
ਸਵੱਛ ਭਾਰਤ ਮੁਹਿੰਮ ਤਹਿਤ ਅੱਜ ਇੱਥੇ ਨਗਰ ਕੌਂਸਲ ਵੱਲੋਂ ਪਲਾਸਟਿਕ ਦੇ ਲਿਫਾਫੇ ਵਰਤਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਉੱਤੇ ਪਾਬੰਦੀ ਲਗਾਈ ਹੋਈ ਹੈ ਪਰ ਫਿਰ ਵੀ ਦੁਕਾਨਦਾਰਾਂ ਵੱਲੋਂ ਇਨ੍ਹਾਂ ਦੀ ਲਗਾਤਾਰ ਵਰਤੋਂ ਕੀਤੀ ਜਾ ਰਹੀ ਹੈ। ਪਲਾਸਟਿਕ ਦੇ ਲਿਫਾਫੇ ਜਿੱਥੇ ਪਾਣੀ ਵਿੱਚ ਨਾ ਗਲਣ ਕਾਰਨ ਨਿਕਾਸੀ ਨਾਲਿਆਂ ਅਤੇ ਸੀਵਰੇਜ ਨੂੰ ਠੱਪ ਕਰ ਦਿੰਦੇ ਹਨ, ਉੱਥੇ ਹੀ ਕੂੜੇ ਕਰਕਟ ਵਿੱਚ ਸੁੱਟੇ ਲਿਫਾਫਿਆਂ ਨੂੰ ਖਾ ਕੇ ਪਸ਼ੂ ਬਿਮਾਰ ਹੋ ਜਾਂਦੇ ਹਨ।