ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 26 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਗੁਰਦੁਆਰਾ ਬੈਰਸੀਆਣਾ ਸਾਹਿਬ ਦਿੜ੍ਹਬਾ ਵਿਚ ਨਵੇਂ ਬਣੇ ਦਰਬਾਰ ਸਾਹਿਬ ਵਿੱਚ ਭਾਈ ਵੀਰ ਸਿੰਘ ਬੇਰਸੀਆਣਾ ਦੇ ਸ਼ਹੀਦੀ ਦਿਹਾੜੇ ਮੌਕੇ ਪਾਠਾਂ ਦੇ ਭੋਗ ਉਪਰੰਤ ਕਿਹਾ ਕਿ ਸੰਸਾਰ ਵਿੱਚ ਕਰੋਨਾ ਦਾ ਕਹਿਰ ਚੱਲ ਰਿਹਾ ਹੈ, ਜਿਸ ਕਰ ਕੇ ਸਾਨੂੰ ਆਪਣਾ ਤੇ ਪਰਿਵਾਰ ਦਾ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਦੀ ਅਹਿਮ ਲੋੜ ਹੈ ਕਿਉਂਕਿ ਗੁਰਬਾਣੀ ਸਾਨੂੰ ਸੱਚੀ ਸੇਧ ਦਿੰਦੀ ਹੈ। ਰਣਜੀਤ ਸਿੰਘ ਢੱਡਰੀਆਂ ਵਾਲੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਅਕਾਲ ਤਖ਼ਤ ਸਾਹਿਬ ਦਾ ਮਸਲਾ ਹੈ। ਮਾਪਿਆਂ ਨੂੰ ਘਰੋਂ ਕੱਢੇ ਜਾਣ ਦੇ ਰੁਝਾਨ ਸਬੰਧੀ ਉਨ੍ਹਾਂ ਕਿਹਾ ਕਿ ਬਜ਼ੁਰਗ ਮਾਪਿਆਂ ਨੂੰ ਘਰੋਂ ਬਾਹਰ ਕੱਢਣਾ ਅਫ਼ਸੋਸਨਾਕ ਰੁਝਾਨ ਹੈ ਪਰ ਗੁਰਬਾਣੀ ਮਾਪਿਆਂ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ। ਇਸ ਮੌਕੇ ਰਾਗੀ ਭਾਈ ਜਗਮੇਲ ਸਿੰਘ ਛਾਜਲਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਦਿੜ੍ਹਬਾ ਦੇ ਸੀਨੀਅਰ ਆਗੂ ਹਾਜ਼ਰ ਸਨ।