ਅਗਲਾ ਡੇਢ ਸਾਲ ਦਿੜ੍ਹਬਾ ਦੇ ਵਿਕਾਸ ਨੂੰ ਸਮਰਪਿਤ ਹੋਵੇਗਾ: ਚੀਮਾ
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਅਤੇ ਤਰੱਕੀ ਨੂੰ ਸਮਰਪਿਤ ਹੋਵੇਗਾ। ਉਹ ਅੱਜ ਹਲਕਾ ਦਿੜ੍ਹਬਾ ਦੇ ਚਾਰ ਪਿੰਡਾਂ ਨੂੰ ਵੱਖ ਵੱਖ ਵਿਕਾਸ ਕਾਰਜਾਂ ਲਈ 1. 58 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡਣ ਲਈ ਇਥੇ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਪਿੰਡ ਸੂਲਰ ਘਰਾਟ ਦੇ ਸਰਪੰਚ ਕੁਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਅੱਜ ਪਿੰਡ ਤਰੰਜੀਖੇੜਾ ਨੂੰ 67 ਲੱਖ ਰੁਪਏ, ਸੂਲਰ ਨੂੰ 35 ਲੱਖ ਰੁਪਏ, ਘਰਾਟ ਨੂੰ 26 ਲੱਖ ਰੁਪਏ ਅਤੇ ਢੰਢੋਲੀ ਖੁਰਦ ਨੂੰ 30 ਲੱਖ ਰੁਪਏ ਦੇ ਵਿਕਾਸ ਚੈੱਕ ਦਿੱਤੇ ਗਏ ਹਨ। ਇਸ ਰਾਸ਼ੀ ਨਾਲ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀਆਂ, ਨਾਲੀਆਂ, ਕੈਮਰੇ, ਲਾਈਟਾਂ ਅਤੇ ਸ਼ੈੱਡ ਬਣਵਾਉਣ ਦੇ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿੱਚ ਜਲਦੀ ਮੁਕੰਮਲ ਕਰਵਾਏ ਜਾਣਗੇ ਤਾਂ ਜੋ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਜਿਸ ਯੋਜਨਾਬੱਧ ਤਰੀਕੇ ਨਾਲ ਹਲਕਾ ਦਿੜ੍ਹਬਾ ਲਈ ਵਿਕਾਸ ਫੰਡ ਜਾਰੀ ਕੀਤੇ ਜਾ ਰਹੇ ਹਨ, ਉਸ ਮੁਤਾਬਿਕ ਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਅਤੇ ਤਰੱਕੀ ਨੂੰ ਸਮਰਪਿਤ ਹੋਵੇਗਾ। ਸ੍ਰੀ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਲ 2022 ਵਿੱਚ ਪਿਛਲੀਆਂ ਸਰਕਾਰਾਂ ਤੋਂ ਤੰਗ ਆ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਾਈ ਸੀ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੋਂ ਹੀ ਕਿਸੇ ਵੀ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਨਹੀਂ ਕੀਤੇ। ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਸਿਰਫ਼ ਆਪਣੇ ਸਵਾਰਥੀ ਹਿੱਤਾਂ ਦੀ ਪੂਰਤੀ ਨੂੰ ਪਹਿਲ ਦਿੱਤੀ ਗਈ, ਜਿਸ ਕਾਰਨ ਸੂਬਾ ਪੰਜਾਬ ਅਤੇ ਇੱਥੋਂ ਦੇ ਲੋਕ ਵਿਕਾਸ ਤੋਂ ਬਹੁਤ ਹੀ ਪਛੜ ਗਏ। ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਤੋਂ ਵੀ ਅੱਗੇ ਜਾ ਕੇ ਕੰਮ ਕੀਤਾ ਜਾ ਰਿਹਾ ਹੈ।
