ਹਰਦੀਪ ਸਿੰਘ ਸੋਢੀ
ਧੂਰੀ, 14 ਦਸੰਬਰ
ਪੰਜਾਬ ਦੀਆਂ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅੱਜ ਛੇਵੇਂ ਦਿਨ ਵੀ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਸੜਕ ਉੱਤੇ ਜਾਮ ਲਗਾਇਆ ਗਿਆ।
ਧਰਨੇ ਦੀ ਅਗਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ ਨੇ ਕਿਹਾ ਕਿ ਪੱਲੇਦਾਰਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਮਕੀਆਂ ਪਈਆਂ ਹਨ ਪਰ ਸੂਬਾ ਸਰਕਾਰ ਇਨ੍ਹਾਂ ਪੱਲੇਦਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੱਲੇਦਾਰ ਯੂਨੀਅਨ ਦੀਆਂ ਮੰਗਾਂ ਨੂੰ ਮਨਵਾਉਣ ਲਈ ਅਪਣੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗੀ ਤੇ ਰੋਡ ਵੀ ਜਾਮ ਕੀਤੇ ਜਾਣਗੇ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਤੇ ਮਜ਼ਦੂਰਾਂ ਦੇ ਸਿੱਧੇ ਭੁਗਤਾਨ ਤੇ ਹੋਰ ਮੰਗਾਂ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਜਾਣੂ ਕਰਵਾਇਆ ਗਿਆ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਉਹ ਆਪਣੇ ਪਰਿਵਾਰਾਂ ਨੂੰ ਨਾਲ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਕਰਨਗੇ।
ਇਸ ਮੌਕੇ ਦਰਸ਼ਨ ਸਿੰਘ, ਹਾਕਮ ਸਿੰਘ ਦਿੜ੍ਹਬਾ, ਬਲਜੀਤ ਸਿੰਘ, ਖੁਸ਼ੀ ਮੁਹੰਮਦ, ਜੀਤ ਸਿੰਘ ਪ੍ਰਧਾਨ, ਲਖਵੰਤ ਸਿੰਘ ਸਣੇ ਹੋਰ ਕਈ ਆਗੂ ਹਾਜ਼ਰ ਸਨ।