ਨਿਜੀ ਪੱਤਰ ਪ੍ਰੇਰਕ
ਸੰਗਰੂਰ, 6 ਅਕਤੂਬਰ
ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਪੰਜਾਬ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਮੰਗ ਕੀਤੀ ਹੈ ਅਤੇ ਹੈਰਾਨਗੀ ਪ੍ਰਗਟ ਕੀਤੀ ਹੈ ਕਿ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਦੀ ਅਸਾਮੀ ਖਾਲੀ ਹੈ ਅਤੇ ਬਗੈਰ ਅਫ਼ਸਰ ਤੋਂ ਹੀ ਡੰਗ ਸਾਰਿਆ ਜਾ ਰਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਸਕੱਤਰ ਸਤਵੰਤ ਸਿੰਘ ਆਲਮਪੁਰ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਰਾਜ ਵਿੱਚ ਉੱਚ ਪੱਧਰ ਦੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਆਮ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ ਪ੍ਰੰਤੂ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਫੂਕ ਉਦੋਂ ਨਿਕਲ ਜਾਂਦੀ ਹੈ ਜਦੋਂ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਛੇ ਮਹੀਨਿਆਂ ਤੋਂ ਖਾਲੀ ਪਈ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਦੀ ਅਸਾਮੀ ਨਹੀਂ ਭਰੀ ਗਈ ਅਤੇ ਜ਼ਿਲ੍ਹਾ ਸੰਗਰੂਰ ਬਗੈਰ ਡੀਈਓ ਪ੍ਰਾਇਮਰੀ ਤੋਂ ਹੀ ਚੱਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ।ਦਫ਼ਤਰ ਅਤੇ ਅਧਿਆਪਕਾਂ ਦੇ ਕੰਮ ਪ੍ਰਭਾਵਤ ਹੋ ਰਹੇ ਹਨ।