ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਥੇਬੰਦੀ ਸਿਹਤਮੰਦ ਸਮਾਜ ਸਿਰਜਣ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਜੇਕਰ ਸਿਹਤਮੰਦ ਸਮਾਜ ਹੋਵੇਗਾ ਤਾਂ ਹੀ ਤਕੜੇ ਸੰਘਰਸ਼ ਲੜੇ ਜਾ ਸਕਦੇ ਹਨ। ਜਥੇਬੰਦੀ ਵੱਲੋਂ ਆਰੰਭੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਸੂਬਾ ਪ੍ਰਧਾਨ ਨੇ ਕਿਹਾ ਕਿ ਲੋਕ ਆਪ ਮੁਹਾਰੇ ਇਸ ਮੁਹਿੰਮ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਰ ਕੋਈ ਨਸ਼ਿਆਂ ਤੋਂ ਦੁਖੀ ਹੈ। ਕਿਸੇ ਦਾ ਪੁੱਤ ਨਸ਼ਿਆਂ ਨੇ ਖਾ ਲਿਆ ਹੈ ਕਿਸੇ ਦਾ ਭਾਈ ਅਤੇ ਕਿਸੇ ਦਾ ਪਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਬਹੁਤ ਸਾਰੇ ਘਰਾਂ ਜ਼ਮੀਨਾਂ, ਜਾਇਦਾਦਾਂ ਹੀ ਖਤਮ ਨਹੀਂ ਕੀਤੀਆਂ ਸਗੋਂ ਪਰਿਵਾਰਾਂ ਦੇ ਜੀਆਂ ਨੂੰ ਵੀ ਖਤਮ ਕਰ ਦਿੱਤਾ ਹੈ। ਜਥੇਬੰਦੀ ਇਸ ਗੰਭੀਰ ਮੁੱਦੇ ਨੂੰ ਵਿਆਪਕ ਪੱਧਰ ‘ਤੇ ਪ੍ਰਚਾਰਕੇ ਅਮਲੀ ਰੂਪ ਵਿੱਚ ਨੱਥ ਪਾਉਣਾ ਚਾਹੁੰਦੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਨਸ਼ਿਆਂ ਦੇ ਵਿਰੋਧ ਵਿੱਚ ਧਰਨਾ ਦਿੱਤਾ ਜਾਵੇਗਾ ਅਤੇ ਉਸੇ ਦਿਨ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਅੰਕੜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਮੰਤਰੀ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਤੋਂ ਪਹਿਲਾਂ 1 ਤੋਂ 5 ਅਕਤੂਬਰ ਤੱਕ ਪਿੰਡਾਂ ਵਿੱਚ ਜਾਗਰੂਕਤਾ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਸਲਾ ਖੇਤੀ ਕਾਨੂੰਨਾਂ ਨਾਲੋਂ ਵੀ ਵਧੇਰੇ ਗੰਭੀਰ ਅਤੇ ਸੰਜੀਦਾ ਹੈ।