ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਸਤੰਬਰ
ਸ਼ਹਿਰ ਵਿੱਚ ਲਾਵਾਰਸ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਪਰ ਇਸ ਵੱਡੀ ਸਮੱਸਿਆ ਦੇ ਹੱਲ ਲਈ ਨਾ ਤਾਂ ਸੱਤਾਧਾਰੀ ਧਿਰ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ ਨਜ਼ਰ ਆ ਰਿਹਾ ਹੈ। ਲੋਕਾਂ ਦੀ ਜਾਨ ਦਾ ਖੌਫ਼ ਬਣੇ ਲਵਾਰਸ ਪਸ਼ੂ ਸ਼ਹਿਰ ਦੀਆਂ ਸੜਕਾਂ ਉਪਰ ਦਿਨ-ਰਾਤ ਕਾਬਜ਼ ਹਨ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਰੋਸ ਧਰਨੇ ਲਾਉਣ ਅਤੇ ਮੰਗ ਪੱਤਰ ਦੇਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਜ਼ਿਲ੍ਹਾ ਪ੍ਰਸ਼ਾਸਨ ਨਹੀਂ ਜਾਗਿਆ।
ਸ਼ਹਿਰ ਵਿੱਚ ਲਾਵਾਰਸ ਪਸ਼ੂ ਬਾਜ਼ਾਰਾਂ ਵਿੱਚ ਘੁੰਮਦੇ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ। ਨਿੱਤ ਦਿਨ ਸੜਕ ਹਾਦਸੇ ਵਾਪਰ ਰਹੇ ਹਨ। ਪਸ਼ੂਆਂ ਦੀ ਡਾਰਾਂ ਕਿਸਾਨਾਂ ਦੀ ਫ਼ਸਲ ਦਾ ਲਗਾਤਾਰ ਉਜਾੜਾ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਲਾਵਾਰਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਦੁਹਾਈ ਦੇ ਚੁੱਕੀਆਂ ਹਨ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਰਹਿੰਦਾ ਹੈ। ਪਿੰਡਾਂ ਦੇ ਕਿਸਾਨ ਕਈ ਵਾਰ ਲਾਵਾਰਸ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ ਡੀ.ਸੀ. ਦਫ਼ਤਰ ਪੁੱਜ ਚੁੱਕੇ ਹਨ ਪਰ ਕੋਈ ਹੱਲ ਨਹੀਂ ਹੋਇਆ।
ਸ਼ਹਿਰ ਦੇ ਹਰ ਕੋਨੇ ’ਚ ਲਾਵਾਰਸ ਪਸ਼ੂਆਂ ਦੀਆਂ ਡਾਰਾਂ ਘੁੰਮਦੀਆਂ ਨਜ਼ਰ ਆਉਂਦੀਆਂ ਹਨ ਅਤੇ ਨਿੱਤ ਦਿਨ ਸ਼ਹਿਰ ਦੀ ਟਰੈਫ਼ਿਕ ਲਈ ਵੀ ਲਾਵਾਰਸ ਪਸ਼ੂ ਵੱਡੀ ਸਮੱਸਿਆ ਬਣਦੇ ਹਨ। ਸੰਗਰੂਰ ਵਾਸੀਆਂ ਦਾ ਕਹਿਣਾ ਹੈ ਕਿ ਹੁਣ ਗੰਭੀਰ ਰੂਪ ਧਾਰਨ ਕਰ ਚੁੱਕੀ ਇਸ ਸਮੱਸਿਆ ਦੇ ਹੱਲ ਵੱਲ ਸਰਕਾਰ ਅਤੇ ਪ੍ਰਸ਼ਾਸਨ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ।