ਨਿਜੀ ਪੱਤਰ ਪ੍ਰੇਰਕ
ਸੰਗਰੂਰ, 3 ਅਗਸਤ
ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਨੇ ਮੀਟਿੰਗ ਕਰਕੇ ਪੰਜਾਬ ਸਰਕਾਰ ਤੋਂ ਘਰ-ਘਰ ਨੌਕਰੀ ਦੇ ਵਾਅਦੇ ਤਹਿਤ ਸਟੈਨੋ ਟਾਈਪਿਸਟਾਂ ਦੀਆਂ ਅਸਾਮੀਆਂ ’ਤੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ। ਅਜਿਹਾ ਨਾ ਕਰਨ ’ਤੇ ਪੰਜਾਬ ਸਰਕਾਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਮੁਹਾਲੀ ਵਿੱਚ ਪੱਕਾ ਰੋਸ ਧਰਨਾ ਲਗਾਉਣ ਅਤੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।
ਇੱਥੇ ਬੀਐਸਐਨਐਲ ਪਾਰਕ ਵਿੱਚ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਬਰਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ, ਸਕੱਤਰ ਹਰਿੰਦਰ ਸਿੰਘ ਸੁਨਾਮ ਅਤੇ ਗੋਬਿੰਦ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਨੇ ਦੱਸਿਆ ਕਿ ਉਹ ਸੰਨ 2017 ਤੋਂ ਲੈ ਕੇ ਹੁਣ ਤੱਕ ਲਗਾਤਾਰ ਸਟੈਨੋ ਟਾਈਪਿਸਟ ਦੀਆਂ ਅਸਾਮੀਆਂ ’ਤੇ ਭਰਤੀ ਹੋਣ ਦੀ ਤਿਆਰੀ ਕਰ ਰਹੇ ਹਨ ਕਿਉਂਕਿ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਸਟੈਨੋ ਟਾਈਪਿਸਟ ਦੀਆਂ ਅਸਾਮੀਆਂ ’ਤੇ ਕੋਈ ਭਰਤੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੀ 23 ਜੂਨ ਨੂੰ ਪੰਜਾਬ ਭਰ ਦੇ ਬੇਰੁਜ਼ਗਾਰ ਸਟੈਨੋ ਟਾਈਪਿਸਟਾਂ ਨੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਮੁਹਾਲੀ ’ਚ ਰੋਸ ਮੁਜ਼ਾਹਰਾ ਕੀਤਾ ਸੀ ਜਿਸ ਤੋਂ ਬਾਅਦ 2 ਜੁਲਾਈ ਨੂੰ ਚੋਣ ਬੋਰਡ ਦੇ ਚੇਅਰਮੈਨ ਵਲੋਂ ਭਰੋਸਾ ਦਿੱਤਾ ਗਿਆ ਕਿ ਕਰੀਬ 300 ਖਾਲੀ ਅਸਾਮੀਆਂ ਬਾਰੇ ਵੱਖ-ਵੱਖ ਵਿਭਾਗਾਂ ਤੋਂ ਪੱਤਰ ਮਿਲ ਚੁੱਕੇ ਹਨ ਅਤੇ ਹੋਰ ਵਿਭਾਗਾਂ ਤੋਂ ਵੀ ਖਾਲੀ ਅਸਾਮੀਆਂ ਦੀ ਮੰਗ ਕੀਤੀ ਹੈ ਜਿਸ ਮਗਰੋਂ ਭਰਤੀ ਪ੍ਰਕਿਰਿਆ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਰੋਸ ਜਤਾਇਆ ਕਿ ਇੱਕ ਮਹੀਨਾ ਹੋਣ ’ਤੇ ਵੀ ਇਸ਼ਤਿਹਾਰ ਜਾਰੀ ਨਹੀਂ ਹੋਇਆ।