ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਸਤੰਬਰ
ਇਥੇ ਰਿਲਾਇੰਸ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਮੀਂਹ ਦੇ ਬਾਵਜੂਦ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 345ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਵਾਲਾ, ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਲੀਲਾ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ ਤੇ ਬਿੰਦਰ ਸਿੰਘ ਖੋਖਰ ਨੇ ਕਿਹਾ ਕਿ ਅੱਜ ਕਰਨਾਲ ਵਿੱਚ ਕਿਸਾਨਾਂ-ਮਜ਼ਦੂਰਾਂ ਕਿਰਤੀਆਂ ਦੀ ਹੋਈ ਜਿੱਤ ਭਾਜਪਾ ਦੀ ਖੱਟਰ ਸਰਕਾਰ ਦੇ ਮੂੰਹ ’ਤੇ ਚਪੇੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਜਬਰ ਢਾਹੇਗੀ ਤਾਂ ਉਸ ਦਾ ਹਸ਼ਰ ਇਸੇ ਤਰ੍ਹਾਂ ਹੁੰਦਾ ਰਹੇਗਾ।
ਧੂਰੀ (ਖੇਤਰੀ ਪ੍ਰਤੀਨਿਧ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਬੰਸ ਸਿੰਘ ਦੀ ਅਗਵਾਈ ਵਿੱਚ 345ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ। ਇਸ ਦੌਰਾਨ ਉਨ੍ਹਾਂ ਕਿਹਾ ਭਾਜਪਾ ਦਾ ਪੂਰੇ ਦੇਸ਼ ਵਿਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਹੀ ਬੰਦ ਹੋਵੇਗਾ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ’ਤੇ ਕਿਸਾਨ ਦੇ ਧਰਨੇ ਜਾਰੀ ਰਹੇ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਪਟਿਆਲਾ ਵਿੱਚ ਲਗਾਏ ਜਾ ਰਹੇ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚਾਹ ਪਾਣੀ ਤੇ ਲੰਗਰ ਦਾ ਇੰਤਜਾਮ ਕੀਤਾ ਜਾਵੇਗਾ।