ਭਾਕਿਯੂ ਏਕਤਾ ਆਜ਼ਾਦ ਸੰਘਰਸ਼ ਦੇ ਰੌਂਅ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ, ਮਜ਼ਦੂਰ, ਪੰਜਾਬ ਅਤੇ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਅਤੇ ਮੰਗਾਂ ਮਨਵਾਉਣ ਲਈ 15, 16 ਅਤੇ 17 ਨਵੰਬਰ ਨੂੰ ਪਿੰਡ-ਪਿੰਡ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਪਿੰਡ ਕਿਲਾਭਰੀਆਂ ਵਿੱਚ ਬਲਾਕ ਪ੍ਰਧਾਨ ਮਹਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੋਈ ਯੋਗ ਮੁਆਵਜ਼ਾ ਦੇਣ ਦੀ ਬਜਾਏ ਪ੍ਰਦੂਸ਼ਣ ਦਾ ਦੋਸ਼ੀ ਬਣਾ ਕੇ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਜ਼ਮੀਨਾਂ ਉੱਪਰ ਲਾਲ ਐਂਟਰੀਆਂ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਢਾਂਚੇ ਨੂੰ ਭੰਗ ਕਰਕੇ ਫਾਸ਼ੀਵਾਦੀ ਏਜੰਡੇ ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ। ਉਨ੍ਹਾਂ ਕੇਂਦਰ ਦੇ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਨਿਖੇਧੀ ਕੀਤੀ ਹੈ। ਇਨ੍ਹਾਂ ਸਾਰੀਆਂ ਮੰਗਾਂ ਦੇ ਵਿਰੋਧ ਵਜੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ 15, 16, 17 ਨਵੰਬਰ ਨੂੰ ਪਿੰਡ-ਪਿੰਡ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਮੀਟਿੰਗ ਨੂੰ ਜ਼ਿਲ੍ਹਾ ਕਾਰਜਕਾਰੀ ਆਗੂ ਅਮਰ ਸਿੰਘ, ਹਰਦੇਵ ਕੁਲਾਰ, ਬਲਾਕ ਆਗੂ ਬਾਰਾ ਮੰਗਵਾਲ, ਅਮਰਜੀਤ ਸਿੰਘ, ਕਰਨੈਲ ਸਿੰਘ ਆਦਿ ਨੇ ਸੰਬੋਧਨ ਕੀਤਾ।
