ਨਿੱਜੀ ਪੱਤਰ ਪ੍ਰੇਰਕ
ਧੂਰੀ, 15 ਸਤੰਬਰ
ਲੱਡਾ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਨਾਲ ਟੌਲ ਪਲਾਜ਼ਾ ਦੇ ਪ੍ਰਬੰਧਕਾਂ ਖ਼ਿਲਾਫ਼ ਟੌਲ ਪਲਾਜ਼ਾ ਬੰਦ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਨੋਟਿਸ ਨਾ ਦੇਣ ਦੇ ਮਾਮਲੇ ਵਿਚ ਲਗਾਇਆ ਧਰਨਾ ਪਿਛਲੇ ਹਫ਼ਤੇ ਤੋਂ ਲਗਾਤਾਰ ਜਾਰੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਹਰਬੰਸ ਸਿੰਘ ਲੱਡਾ ਅਤੇ ਟੌਲ ਪਲਾਜ਼ਾ ਮੁਲਾਜ਼ਮ ਗੁਰਪ੍ਰੀਤ ਸ਼ਰਮਾ ਨੇ ਦੱਸਿਆ ਕਿ ਲੱਡਾ ਟੌਲ ਪਲਾਜ਼ਾ ਦੀ ਮੈਨੇਜਮੈਂਟ ਵੱਲੋਂ ਰੱਖੇ ਗਏ ਮੁਲਾਜ਼ਮਾਂ ਨੂੰ ਟੌਲ ਪਲਾਜ਼ਾ ਬੰਦ ਹੋਣ ਤੋਂ ਪਹਿਲਾਂ ਨੋਟਿਸ ਨਹੀਂ ਜਾਰੀ ਕੀਤਾ ਗਿਆ ਅਤੇ ਉਨ੍ਹਾਂ ਟੋਲ ਪ੍ਰਬੰਧਕ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਟੌਲ ਪਲਾਜ਼ਾ ਲੱਡਾ ਦੇ ਮੁਲਾਜ਼ਮਾਂ ਨੂੰ ਤਿੰਨ ਮਹੀਨਿਆਂ ਦੀ ਤਨਖਾਹ ਅਤੇ ਰਹਿੰਦਾ ਪੀਐਫ ਦਾ ਸਾਰਾ ਪੈਸਾ ਤੁਰੰਤ ਜਾਰੀ ਕਰੇ ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ , ਜ਼ਿਕਰਯੋਗ ਹੈ ਕਿ ਲੱਡਾ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਨਾਲ ਆਪਣੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਦੌਰਾਨ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਟੌਲ ਪਲਾਜ਼ਾ ਦੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ