ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਨਵੰਬਰ
ਝੋਨੇ ਦੀ ਪਰਾਲੀ ਸਾੜਨ ਤੋਂ ਨਾ ਰੋਕਣ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਨੂੰ ਨੌਕਰੀ ਤੋਂ ਮੁਅੱਤਲ ਕਰਨ ਖ਼ਿਲਾਫ਼ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਅੱਜ ਦੂਜੇ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹੇ ਦੇ ਸਮੁੱਚੇ ਸਟਾਫ਼ ਵਲੋਂ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸਖਤ ਨਿਖੇਧੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ਼ ਵਲੋਂ ਦਿਨ ਰਾਤ ਇੱਕ ਕਰਕੇ ਪੂਰੀ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ ਪਰ ਸਰਕਾਰ ਵਲੋਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੂੰ ਮੁਅੱਤਲ ਕਰਨ ਨਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮਨੋਬਲ ਡਿੱਗਿਆ ਹੈ ਅਤੇ ਸਮੂਹ ਸਟਾਫ਼ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੀ ਮੁਅੱਤਲੀ ਦੇ ਹੁਕਮ ਤੁਰੰਤ ਵਾਪਸ ਲਏ ਜਾਣ, ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਵਿਭਾਗ ਦੇ ਸਮੁੱਚੇ ਸਟਾਫ ਵਲੋਂ ਸਾਂਝੇ ਤੌਰ ’ਤੇ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ।