ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਜੁਲਾਈ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮਿਲੀਆਂ ਹਦਾਇਤਾਂ ’ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਯੋਗ ਪਰਿਵਾਰਕ ਮੈਂਬਰਾਂ ਦੇ ਪਛਾਣ ਪੱਤਰ ਬਣਾਉਣ ਲਈ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰ, ਆਜ਼ਾਦੀ ਘੁਲਾਟੀਆਂ ਦੇ ਪਰਵਾਰਕ ਮੈਂਬਰ ਅਤੇ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।