ਰਮੇਸ਼ ਭਾਰਦਵਾਜ
ਲਹਿਰਾਗਾਗਾ, 18 ਅਪਰੈਲ
ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 200ਵੇਂ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਭਾਜਪਾ ਹਕੂਮਤ ਵਲੋਂ ਲਿਆਂਦੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪੰਜਾਬ ਵਿੱਚ 9 ਅਤੇ ਦਿੱਲੀ ਦੀਆਂ ਬਰੂਹਾਂ ’ਤੇ ਪੰਜ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਹ ਅੰਦੋਲਨ ਇਕੱਲੇ ਕਿਸਾਨਾਂ ਦਾ ਅੰਦੋਲਨ ਨਹੀਂ ਹੈ, ਪੂਰੇ ਦੇਸ਼ ਦੇ ਲੋਕ ਇਸ ’ਚ ਸ਼ਾਮਲ ਹਨ, ਜੋ ਕਦੇ ਵੀ ਮੋਦੀ ਸਰਕਾਰ ਦੇ ਘਟੀਆ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ 21 ਅਪਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਮਜ਼ਦੂਰ, ਔਰਤਾਂ, ਨੌਜਵਾਨਾਂ ਦਾ ਕਾਫ਼ਲਾ ਖਨੌਰੀ ਬਾਰਡਰ ਤੋਂ ਦਿੱਲੀ ਦੇ ਟਿਕਰੀ ਬਾਰਡਰ ਲਈ ਰਵਾਨਾ ਹੋਵੇਗਾ। ਇਸ ਮੌਕੇ ਹੋਰ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।