ਡਾਕਟਰ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਇਸ ਸਬੰਧੀ ਅੱਜ ਸ਼ਾਮੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਲੁੱਟ ਖੋਹ ਦੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲਾ ਪੁਲੀਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਅਤੇ ਸਬ ਡੀਵਜਨ ਦੇ ਡੀ.ਐਸ.ਪੀ ਰਾਹੂਲ ਕੌਂਸਲ ਦੀ ਅਗਵਾਈ ਹੇਠ ਬਣਾਈਆਂ ਗਈਆਂ ਪੁਲੀਸ ਦੀਆਂ ਜਾਂਚ ਟੀਮਾਂ ਵੱਲੋਂ ਸੀਆਈਏ ਸਟਾਫ ਦੀ ਮੱਦਦ ਨਾਲ ਜਾਂਚ ਕੀਤੀ ਗਈ। ਜਾਂਚ ਪੜਤਾਲ ਦੌਰਾਨ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨੋਂ ਲੁਟੇਰਿਆਂ ਧਰਮਪ੍ਰੀਤ ਸਿੰਘ, ਜੱਗੀ ਸਿੰਘ ਦੋਵੇਂ ਵਾਸੀ ਪਿੰਡ ਕਾਕੂ ਵਾਲਾ ਅਤੇ ਕੁਲਵਿੰਦਰ ਸਿੰਘ ਵਾਸੀ ਪਿੰਡ ਕੈਂਪਰ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੇ ਕਬਜ਼ੇ ’ਚੋਂ 1 ਲੱਖ 70 ਹਜਾਰ ਰੁਪਏ ਦੀ ਨਕਦੀ, ਇਕ ਆਈ ਫੋਨ, 40 ਗ੍ਰਾਮ ਹੈਰੋਇਨ ਅਤੇ ਲੁੱਟ ਦੀ ਘਟਨਾ ਲਈ ਵਰਤੇ ਗਏ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੁਟੇਰਿਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਡਾਕਟਰ ਦੇ ਘਰੋਂ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਦੀ ਲੁੱਟ ਕੀਤੀ ਗਈ ਸੀ।
ਥਾਣਾ ਮੁਖੀ ਨੇ ਦੱਸਿਆ ਕਿ ਇਸ ਗਰੋਹ ਦੇ ਮੁਖੀ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਦਿੜਬਾ ਨੇੜਿਓ ਇਕ ਬੱਚੇ ਨੂੰ ਅਗਵਾਹ ਕਰਕੇ 26 ਲੱਖ ਰੁਪੈ ਦੀ ਫਰੌਤੀ ਮੰਗੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨੋਂ ਲੁਟੇਰਿਆਂ ਨੂੰ ਅਦਾਲਤ ’ਚ ਪੇਸ਼ ਕਰਕੇ ਜੇਲ ਭੇਜ ਦਿੱਤਾ ਹੈ।