ਪੱਤਰ ਪ੍ਰੇਰਕ
ਸ਼ੇਰਪੁਰ, 5 ਅਗਸਤ
ਐੱਸਐੱਚਓ ਸ਼ੇਰਪੁਰ ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਤਿੰਨ ਔਰਤਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਗ੍ਰਾਮ ਹੈਰੋਇਨ, ਦੋ ਕਿੱਲੋ ਭੁੱਕੀ ਚੂਰਾ ਪੋਸਤ ਅਤੇ ਇੱਕ ਸੌ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਇਸ ਸਬੰਧੀ ਐੱਸਐੱਚਓ ਸ਼ੇਰਪੁਰ ਅਮਰੀਕ ਸਿੰਘ ਨੇ ਦੱਸਿਆ ਕਿ ਸ਼ੱਕੀਆਂ ਦੀ ਸ਼ਨਾਖ਼ਤ ਲਈ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤੀਆਂ ਔਰਤਾਂ ਵਿੱਚ ਪਿਆਰੋ, ਸੁਨੀਤਾ ਅਤੇ ਤੇਜ਼ ਕੌਰ ਵਾਸੀ ਪੱਤੀ ਖਲੀਲ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਹੋਰ ਪੜਤਾਲ ਲਈ ਰਿਮਾਂਡ ਲਿਆ ਗਿਆ ਹੈ। ਡੀਐੱਸਪੀ ਧੂਰੀ ਯੋਗੇਸ਼ ਸ਼ਰਮਾ ਨੇ ਕਿਹਾ ਕਿ ਨਸ਼ੇ ਵਿਰੁੱਧ ਪੁਲੀਸ ਦੀ ਵਿੱਢੀ ਮੁਹਿੰਮ ਨੂੰ ਲੋਕ ਸਹਿਯੋਗ ਦੇਣ ਤਾਂ ਹੀ ਨਸ਼ੇ ਨੂੰ ਖ਼ਤਮ ਕੀਤਾ ਜਾ ਸਕਦਾ ਹੈ।
ਦੋ ਮੁਲਜ਼ਮ ਅੱਧਾ ਕਿਲੋ ਅਫੀਮ ਸਣੇ ਕਾਬੂ
ਦੇਵੀਗੜ੍ਹ (ਪੱਤਰ ਪ੍ਰੇਰਕ): ਥਾਣਾ ਜੁਲਕਾਂ ਦੀ ਪੁਲੀਸ ਨੇ ਗਸ਼ਤ ਦੌਰਾਨ ਦੇਵੀਗੜ੍ਹ ਪਹੇਵਾ ਰੋਡ ’ਤੇ ਪਿੰਡ ਹਰੀਗੜ੍ਹ ਟੀ ਪੁਆਇੰਟ ਨੇੜੇ ਪੀਆਰਟੀਸੀ ਦੀ ਬੱਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਦੋ ਜਣੇ ਬੱਸ ਵਿੱਚ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲੀਸ ਨੇ ਉਨ੍ਹਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 250-250 ਗ੍ਰਾਮ ਅਫੀਮ ਬਰਾਮਦ ਹੋਈ। ਉਨ੍ਹਾਂ ਦੀ ਪਛਾਣ ਬੈਜੂ ਸ਼ਾਹ ਅਤੇ ਮੂਨਾ ਕੁਮਾਰ ਦੋਵੇਂ ਵਾਸੀ ਬਿਹਾਰ ਵਜੋਂ ਹੋਈ। ਥਾਣਾ ਮੁਖੀ ਸਬ-ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੜਤਾਲ ਮਗਰੋਂ ਦਰਬਾਰਾ ਸਿੰਘ ਪੁੱਤਰ ਹਜੂਰਾ ਸਿੰਘ ਵਾਸੀ ਭਗਵਾਨਪੁਰ ਜੱਟਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਜੁਲਕਾਂ ਦੀ ਪੁਲੀਸ ਨੇ ਇਨ੍ਹਾਂ ਦੋਵਾਂ ਵਿਰੁੱਧ ਨਸ਼ਾ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।