ਨਿੱਜੀ ਪੱਤਰ ਪ੍ਰੇਰਕ
ਧੂਰੀ, 10 ਸਤੰਬਰ
ਲੱਡਾ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਟੌਲ ਬੰਦ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਨੋਟਿਸ ਨਾ ਦਿੱਤੇ ਜਾਣ ਦੇ ਮਾਮਲੇ ਵਿੱਚ ਟੌਲ ਪ੍ਰਬੰਧਕਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਧਰਨਾ ਅੱਜ ਤੀਜੇ ਦਿਨ ਵਿੱਚ ਸ਼ਾਮਲ ਹੋ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਗੁੁਰਦੇਵ ਸਿੰਘ ਲੱਡਾ ਅਤੇ ਟੌਲ ਪਲਾਜ਼ਾ ਮੁਲਾਜ਼ਮ ਗੁਰਪ੍ਰੀਤ ਸ਼ਰਮਾ ਨੇ ਦੱਸਿਆ ਕਿ ਲੱਡਾ ਟੌਲ ਪਲਾਜ਼ਾ ਦੀ ਮੈਨੇਜਮੈਂਟ ਵੱਲੋਂ ਰੱਖੇ ਗਏ ਮੁਲਾਜ਼ਮਾਂ ਨੂੰ ਟੌਲ ਪਲਾਜ਼ਾ ਬੰਦ ਹੋਣ ਤੋਂ ਪਹਿਲਾਂ ਨੋਟਿਸ ਜਾਰੀ ਨਹੀਂ ਕੀਤਾ ਗਿਆ ਸੀ ਜੋ ਕਿ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਟੌਲ ਪ੍ਰਬੰਧਕਾਂ ਕੋਲੋਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਤਿੰਨ ਮਹੀਨਿਆਂ ਦੀ ਤਨਖਾਹ ਅਤੇ ਪੀਐੱਫ ਦਾ ਰਹਿੰਦਾ ਸਾਰਾ ਪੈਸਾ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਲੱਡਾ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੀਨੀਅਰ ਆਗੂ ਹਰਪਾਲ ਸਿੰਘ ਪੇਧਨੀ, ਜਸਪਾਲ ਸਿੰਘ ਪੇਧਨੀ, ਦਰਸ਼ਨ ਸਿੰਘ ਕਿਲਾ ਹਕੀਮਾਂ, ਕਰਮਜੀਤ ਸਿੰਘ ਭਲਵਾਨ, ਜਰਨੈਲ ਸਿੰਘ ਸੁਲਤਾਨਪੁਰ, ਮਨਜੀਤ ਸਿੰਘ ਜਹਾਂਗੀਰ ਤੇ ਪਰਗਟ ਸਿੰਘ ਲੱਡਾ ਆਦਿ ਤੋਂ ਇਲਾਵਾ ਟੌਲ ਪਲਾਜ਼ਾ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।