ਨਿਜੀ ਪੱਤਰ ਪ੍ਰੇਰਕ
ਸੰਗਰੂਰ, 5 ਨਵੰਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਲੱਡਾ ਟੌਲ ਪਲਾਜ਼ਾ ਤੇ ਖੇੜੀ ਰਿਲਾਇੰਸ ਪੰਪ ਅੱਗੇ ਦਿੱਲੀ-ਲੁਧਿਆਣਾ ਹਾਈਵੇਅ ਸਣੇ ਜ਼ਿਲ੍ਹੇ ’ਚ ਪੰਜ ਥਾਵਾਂ ’ਤੇ ਚੱਕਾ ਜਾਮ ਕੀਤਾ ਗਿਆ। ਚੱਕਾ ਜਾਮ ਕਰਕੇ ਦਿੱਤੇ ਰੋਸ ਧਰਨਿਆਂ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਘੱਟ ਗਿਣਤੀਆਂ ਦੀ ਵਿਰੋਧੀ ਸਰਕਾਰ ਗਰਦਾਨਦਿਆਂ ਖੇਤੀ ਕਾਨੂੰਨਾਂ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ।
ਜ਼ਿਕਰਯੋਗ ਹੈ ਕਿ ਇਸ ਦੇਸ਼-ਵਿਆਪੀ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਲੱਡਾ ਟੌਲ ਪਲਾਜ਼ਾ ਤੇ ਖੇੜੀ ਰਿਲਾਇੰਸ ਪੰਪ ਅੱਗੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ।ਖੇਤੀ ਮਾਰੂ ਕਾਲੇ ਕਾਨੂੰਨਾਂ ਤੋਂ ਇਲਾਵਾ ਪਰਾਲੀ ਦੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਕਿਸਾਨਾਂ ਨੂੰ ਜੁਰਮਾਨਿਆਂ ਤੇ ਸਜ਼ਾ ਦਾ ਐਲਾਨ ਕਰਕੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਦਿਹਾਤੀ ਵਿਕਾਸ ਫੰਡ ਤੇ ਮਾਲ ਗੱਡੀਆਂ ਰੋਕ ਕੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੀ ਸਾਜਿਸ਼ ਰਚੀ ਗਈ ਹੈ ਤਾਂ ਜੋ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਦਿਨ-ਰਾਤ ਇੱਕ ਕਰਕੇ ਦੇਸ਼ ਦੇ ਅਨਾਜ ਭੰਡਾਰ ’ਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿੱਢ ਕੇ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਸੰਘਰਸ਼ ਦੇ ਇੱਕ ਪਲੇਟਫਾਰਮ ’ਤੇ ਲਿਆ ਖੜ੍ਹਾ ਕੀਤਾ ਹੈ। ਕਿਸਾਨ ਜਥੇਬੰਦੀਆਂ ਦੇ ਦੇਸ਼ ਵਿਆਪੀ ਸੰਘਰਸ਼ ਦੀ ਅਜੇ ਸ਼ੁਰੂਆਤ ਹੋਈ ਹੈ ਅਤੇ ਇਹ ਸੰਘਰਸ਼ ਹੱਕਾਂ ਦੀ ਪ੍ਰਾਪਤੀ ਨੂੰ ਅੰਜ਼ਾਮ ਤੱਕ ਲੈ ਕੇ ਜਾਵੇਗਾ ਅਤੇ ਮੋਦੀ ਸਰਕਾਰ ਨੂੰ ਝੁਕਣਾ ਪਏਗਾ।
ਨਾਭਾ ਥਰਮਲ ਪਲਾਂਟ ਰਾਜਪੁਰਾ ਦੀ ਪਟੜੀ ’ਤੇ ਧਰਨਾ ਜਾਰੀ
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ) ਇਸ ਖੇਤਰ ਦੇ ਨਾਭਾ ਪਾਵਰ ਥਰਮਲ ਪਲਾਂਟ ਲਿਮਟਿਡ ਰਾਜਪੁਰਾ ਨੂੰ ਜਾਂਦੀ ਰੇਲਵੇ ਲਾਈਨ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਊਗਰਾਹਾਂ) ਵੱਲੋਂ ਇਸ ਦੇ ਆਗੂਆਂ ਜੁਗਿੰਦਰ ਸਿੰਘ ਊਗਰਾਹਾਂ, ਮਨਜੀਤ ਸਿੰਘ ਨਿਆਲ, ਗੁਰਵਿੰਦਰ ਸਿੰਘ, ਕਰਨੈਲ ਸਿੰਘ ਲੰਗਦੀ ਅਗਵਾਈ ਵਿੱਚ ਨਾਭਾ ਪਾਵਰ ਥਰਮਲ ਪਲਾਂਟ ਰਾਜਪੁਰਾ ਨੂੰ ਜਾਂਦੀ ਰੇਲ ਪਟੜੀ ’ਤੇ ਪਿੰਡ ਸੂਰਲ ਖੁਰਦ ਨੇੜੇ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ। ਧਰਨੇ ਵਿੱਚ ਵੱਡੀ ਗਿਣਤੀ ਔਰਤਾਂ ਤੇ ਬੱਚਿਆਂ ਦੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨਿਖੇਧੀ ਕਰਦਿਆਂ ਧਰਨੇ ਵਿੱਚ ਮੌਜੂਦ ਕਿਸਾਨਾਂ ਨੂੰ ਆਖਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਖ਼ਿਲਾਫ਼ ਅਜੇ ਲੰਮੀ ਲੜਾਈ ਲੜੀ ਜਾਣੀ ਹੈ। ਜਿਸ ਲਈ ਸਾਨੂੰ ਲਾਮਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਰੋਕ ਕੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ਾਂ ਕਰ ਰਹੀ ਹੈ। ਪਰ ਮੋਦੀ ਸਰਕਾਰ ਦੇ ਮਨਸੂਬਿਆਂ ਨੂੰ ਬੂਰ ਨਹੀਂ ਪਵੇਗਾ।