ਪੱਤਰ ਪ੍ਰੇਰਕ
ਲਹਿਰਾਗਾਗਾ, 6 ਦਸੰਬਰ
ਲੋਕ ਸੰਗਰਾਮ ਮੋਰਚਾ ਪੰਜਾਬ ਅਤੇ ਇਨਕਲਾਬੀ ਲੋਕ ਮੋਰਚਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਨੇੜਲੇ ਪਿੰਡ ਖੋਖਰ ਕਲਾਂ ’ਚ ਇੱਕ ਸ਼ਰਧਾਂਜਲੀ ਸਭਾ ਕਰਵਾਈ ਗਈ। ਇਸ ਮੌਕੇ ਕਾਮਰੇਡ ਸ਼ਮਸ਼ੇਰ ਸਿੰਘ ਸ਼ੇਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਯਾਦਗਾਰ ਸ਼ਹੀਦੀ ਲਾਟ ’ਤੇ ਝੰਡਾ ਚੜ੍ਹਾਇਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੀਤੇ ਡੇਢ ਸਾਲ ਦੇ ਇਤਿਹਾਸਕ ਕਿਸਾਨ ਅੰਦੋਲਨ ਨੇ ਮੋਦੀ ਸਰਕਾਰ ਨੂੰ ਪਿੱਛੇ ਹਟਣ ਲਈ ਮਜਬੂਰ ਕੀਤਾ ਹੈ ਤੇ ਸਿੱਟੇ ਵੱਜੋਂ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਹੋ ਗਏ ਹਨ। ਕਾਮਰੇਡ ਸ਼ੇਰੀ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕਾ ਸ਼ੇਰੀ ਨੇ ਸਾਰੀ ਉਮਰ ਕਮਿਊਨਿਸਟ ਇਨਕਲਾਬੀ ਲਹਿਰ ਨੂੰ ਸਮਰਪਿਤ ਕਰਦਿਆਂ; ਗੁਪਤਾਵਾਸ ਜੀਵਨ ਜਿਊਂਦਿਆਂ ਨਵ ਜ਼ਮਹੂਰੀ ਇਨਕਲਾਬ ਲਈ ਯਤਨ ਜੁਟਾਂਦੇ ਹੋਏ ਲਗਾਤਾਰ ਵੱਡੀਆਂ ਜ਼ਿੰਮੇਵਾਰੀਆਂ ਓਟੀਆਂ ਸਨ। ਮੌਤ ਸਮੇਂ ਉਹ ਸੀ ਪੀ ਆਈ (ਮਾਓਵਾਦੀ) ਪਾਰਟੀ ਦੇ ਪੋਲਿਟ ਬਿਊਰੋ ਦੇ ਮੈਂਬਰ ਸਨ। ਪ੍ਰੋਗਰਾਮ ਵਿੱਚ ਪਾਸ ਕੀਤੇ ਮਤਿਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ, ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ, ਸਮਾਜ ਦੇ ਹੋਰ ਤਬਕਿਆਂ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਨਾਲ ਇਕਮੁੱਠਤਾ ਜਾਹਿਰ ਕੀਤੀ ਗਈ ਅਤੇ ਪੰਜਾਬ ਦੀ ਚੰਨੀ ਸਰਕਾਰ ਵੱਲੋਂ ਇਨ੍ਹਾਂ ਸੰਘਰਸ਼ਾਂ ਉਪਰ ਕੀਤੇ ਜਾ ਰਹੇ ਜਬਰ ਦੀ ਨਿਖੇਧੀ ਕੀਤੀ ਗਈ। ਪ੍ਰੋਗਰਾਮ ਨੂੰ ਲੋਕ ਸੰਗਰਾਮ ਮੋਰਚਾ ਦੇ ਪ੍ਰਧਾਨ ਤਾਰਾ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਜੀਵ ਮਿੰਟੂ ਤੇ ਸੁਰਜੀਤ ਸਿੰਘ ਸੰਧੂ ਨੇ ਸੰਬੋਧਨ ਕੀਤਾ।