ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 29 ਅਕਤੂਬਰ
ਇੱਥੋਂ ਨੇੜੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਕਿਸਾਨ ਧਰਨੇ ਵਿੱਚ ਦਿੱਲੀ ਬਾਰਡਰ ਤੇ ਟਿੱਪਰ ਵੱਲੋਂ ਕੁਚਲ ਕੇ ਸ਼ਹੀਦ ਕੀਤੀਆਂ 3 ਕਿਸਾਨ ਬੀਬੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਘਨੌੜ, ਸੁਖਵਿੰਦਰ ਸਿੰਘ ਬਲਿਆਲ, ਕਰਮ ਚੰਦ ਪੰਨਵਾਂ ਅਤੇ ਹਰਪਾਲ ਸਿੰਘ ਗਹਿਲਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਦਿੱਲੀ ਦੀਆਂ ਬਰੂਹਾਂ ’ਤੇ ਸਾਲ ਭਰ ਤੋਂ ਕਿਸਾਨ ਧਰਨਾ ਲਗਾ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਇਸ ਤਾਜੀ ਘਟਨਾ ਵਿੱਚ 3 ਕਿਸਾਨ ਬੀਬੀਆਂ ਨੂੰ ਸ਼ਹੀਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਤਾਂ ਦੀ ਮੋਦੀ ਸਰਕਾਰ ਨੂੰ ਕੀਮਤ ਚੁਕਾਉਣੀ ਪਵੇਗੀ।
ਧੂਰੀ(ਖੇਤਰੀ ਪ੍ਰਤੀਨਿਧ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਕਿਰਪਾਲ ਸਿੰਘ ਧੂਰੀ ਦੀ ਅਗਵਾਈ ਹੇਠ 391ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਪੰਜਾਬ ਅੰਦਰ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਮੰਗਿਆ। ਉਨ੍ਹਾਂ ਕਿਹਾ ਲਖੀਮਰਪੁਰ ਖੀਰੀ ਦੀ ਵਾਪਰੀ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਕੇਂਦਰੀ ਮੰਤਰੀ ਮਿਸ਼ਰਾ ਆਪਣੇ ਅਹੁਦੇ ਤੋਂ ਫੋਰੀ ਅਸਤੀਫਾ ਦੇਵੇ ਤੇ ਜਾਂਚ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਧਰਨੇ ਜਾਰੀ ਰੱਖੇ ਜਾਣਗੇ। ਇਸ ਮੌਕੇ ਟਿਕਰੀ ਹੱਦ ’ਤੇ ਸ਼ਹੀਦ ਹੋਈਆਂ ਤਿੰਨ ਬੀਬੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।