
ਪਟਿਆਲਾ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਯੂਥ ਕਾਂਗਰਸ ਦੇ ਕਾਰਕੁਨ। -ਫੋਟੋ: ਭੰਗੂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਮਾਰਚ
ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦਾ ਦਿਹਾੜਾ ਮਨਾਇਆ ਗਿਆ। ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਮਾਗਮ ਕੀਤਾ ਗਿਆ, ਜਿਸ ਵਿਚ ‘ਆਪ’ ਆਗੂ ਗੁਰਚਰਨ ਸਿੰਘ ਈਲਵਾਲ ਅਤੇ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਐਸੋਸੀਏਸ਼ਨ ਦੇ ਆਗੂ ਜਗਦੀਸ ਸ਼ਰਮਾ, ਅਰਜਨ ਸਿੰਘ, ਸੁਰਿੰਦਰ ਬਾਲੀਆਂ, ਅਜਮੇਰ ਸਿੰਘ ਅਤੇ ਬਲਵੰਤ ਸਿੰਘ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਸਕੀਆਂ। ਸਮਾਗਮ ਵਿੱਚ ਅਹਿਦ ਲਿਆ ਕਿ ਭਗਤ ਸਿੰਘ ਦੇ ਦੱਸੇ ਪੂਰਨਿਆਂ ’ਤੇ ਚੱਲਿਆ ਜਾਵੇਗਾ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਲੋਂ ਮੇਲਾ ਸਿੰਘ ਪੁੰਨਾਂਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਵਿਖੇ ਇੱਕ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਥੀ ਰਣਜੀਤ ਸਿੰਘ ਰਾਣਵਾਂ, ਸਾਥੀ ਸੀਤਾ ਰਾਮ ਸ਼ਰਮਾ, ਸਾਥੀ ਹੰਸਰਾਜ ਦੀਦਾਰਗੜ੍ਹ ਸਮੇਤ ਆਗੂਆਂ ਨੇ ਦੋਸ਼ ਲਾਇਆ ਕਿ ਸੱਤਾ ’ਤੇ ਕਾਬਜ਼ ਸਰਕਾਰਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਬਜਾਏ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਸਮਾਜ ਸੇਵੀ ਸੰਸਥਾ ਸਹਾਰਾ ਫਾਊਂਡੇਸ਼ਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਸਥਾ ਦੇ ਆਗੂ ਸਰਬਜੀਤ ਸਿੰਘ ਰੇਖੀ, ਡਾ. ਸੁਮਿੰਦਰ ਸਿੰਘ, ਵਰਿੰਦਰਜੀਤ ਸਿੰਘ ਬਜਾਜ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਸਿਜਦਾ ਕੀਤਾ।
ਸੰਗਰੂਰ (ਪੱਤਰ ਪ੍ਰੇਰਕ): ਸਹਾਰਾ ਫਾਊਂਡੇਸ਼ਨ ਨੇ ਸੰਗਰੂਰ ਦੇ ਬੱਸ ਅੱਡੇ ਵਿੱਚ ਸਮਾਗਮ ਕਰਵਾਇਆ। ਇਸ ਮੌਕੇ ਸਰਬਜੀਤ ਸਿੰਘ ਰੇਖੀ, ਡਾ. ਸੁਮਿੰਦਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਸਿਦਕੀ ਨੇ ਸ਼ਹੀਦ ਭਗਤ ਸਿੰਘ ਵੱਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਇਸ ਮੌਕੇ ਸਹਾਰਾ ਮੈਂਬਰ ਅਸ਼ੋਕ ਕੁਮਾਰ, ਵਰਿੰਦਰਜੀਤ ਸਿੰਘ ਬਜਾਜ, ਨਰਿੰਦਰ ਸਿੰਘ ਅਤੇ ਗੁਰਤੇਜ ਖੇਤਲਾ ਦੇ ਨਾਲ ਰਿਕਸ਼ਾ ਚਾਲਕ ਮਾਲਕ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ, ਅਮਰੀਕ ਸਿੰਘ, ਕਮਲਜੀਤ ਸਿੰਘ ਤੇ ਗੁਰਦੇਵ ਸਿੰਘ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ।
ਪਟਿਆਲਾ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਵੱਲੋਂ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਹੇਠ ਇੱਥੇ ਮਿਨੀ ਸਕੱਤਰੇਤ ਨੇੜੇ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਵਿੰਦਰ ਸਿੰਘ ਖਨੌੜਾ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਇਸੇ ਦੌਰਾਨ ਸਰਕਾਰੀ ਮਹਿੰਦਰਾ ਕਾਲਜ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਰਾਮ ਲਾਲ ਰਾਮਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਪ੍ਰੋ. ਅਮਰਜੀਤ ਸਿੰਘ, ਪ੍ਰੋ. ਅਮ੍ਰਿਤ ਸ਼ਮਰਾ, ਪ੍ਰੋ. ਜਗਦੇਵ ਸਿੰਘ ਅਤੇ ਪ੍ਰੋ. ਤਰਨਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਪੰਜਾਬ ਦੀਆਂ ਜਮਹੂਰੀ ਤਾਕਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਦਹਿਸ਼ਤ ਪਸਾਰੇ ਦੇ ਕਦਮਾਂ ਖ਼ਿਲਾਫ਼ ਆਵਾਜ਼ ਉਠਾਉਣ। ਇਸ ਮੌਕੇ ਨਿਰਮਲ ਸਿੰਘ ਅਲੀਪੁਰ, ਰਾਜਿੰਦਰ ਸਿੰਘ ਭੋਗੀਵਾਲ, ਸਤਿਨਾਮ ਸਿੰਘ ਮਾਣਕ ਮਾਜਰਾ, ਰਵਿੰਦਰ ਸਿੰਘ ਕਾਸਮਪੁਰ, ਗੁਰਮੇਲ ਕੌਰ,ਦਰਸ਼ਨ ਸਿੰਘ ਹਥੋਆ, ਡਾ. ਅਮਰਜੀਤ ਸਿੰਘ ਧਲੇਰ, ਕਰਨੈਲ ਸਿੰਘ ਭੂਦਨ ਅਤੇ ਪ੍ਰੋ. ਸੁਖਚੈਨ ਸਿੰਘ ਮਾਣਕ ਮਾਜਰਾ ਹਾਜ਼ਰ ਸਨ।
ਸਮਾਣਾ (ਪੱਤਰ ਪ੍ਰੇਰਕ): ਨੌਜਵਾਨ ਭਾਰਤ ਸਭਾ ਜ਼ਿਲ੍ਹਾ ਪਟਿਆਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਸਮਾਣਾ ਵਿੱਚ ਸ਼ਹੀਦਾਂ ਨੂੰ ਸਮਰਪਿਤ ਕਾਨਫਰੰਸ ਕਰਵਾਈ ਗਈ। ਇਸ ਮੌਕੇ ‘ਪੀਪਲਜ਼ ਆਫ ਪਟਿਆਲਾ’ ਵੱਲੋਂ ਨਾਟਕ ‘ਛਿਪਣ ਤੋਂ ਪਹਿਲਾਂ’ ਦਿਖਾਇਆ ਗਿਆ। ਕਾਨਫਰੰਸ ਨੂੰ ਸੂਬਾ ਆਗੂ ਦਵਿੰਦਰ ਛਬੀਲਪੁਰ, ਜ਼ਿਲ੍ਹਾ ਆਗੂ ਹਰਿੰਦਰ ਸਿੰਘ ਸੈਣੀ ਮਾਜਰਾ, ਕੁਲਬੀਰ ਸਿੰਘ ਟੋਡਰਪੁਰ ਅਤੇ ਖੁਸ਼ਵੰਤ ਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਾਰਿਸ ਹੋਣ ਦਾ ਦਾਅਵਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸ਼ਹੀਦਾਂ ਦੀ ਸੋਚ ਤੋਂ ਉਲਟ ਜਾ ਕੇ ਬਹੁਕੌਮੀ ਕੰਪਨੀਆਂ ਨੂੰ ਸੱਦਾ ਦੇਣ ਲੱਗੀ ਹੋਈ ਹੈ।
ਬੁਲਾਰਿਆਂ ਨੇ ਸਰਕਾਰ ਤੋਂ ਪਿੰਡਾਂ ਅੰਦਰ ਖੇਡ ਗਰਾਊਂਡ ਬਣਾਉਣ ਅਤੇ ਡਿਸਪੈਂਸਰੀਆਂ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਨੇ ਵਿਸ਼ੇਸ਼ ਸ਼ਿਰਕਤ ਕੀਤੀ।
ਪੈਨਸ਼ਨਰਾਂ ਨੇ ਸ਼ਰਧਾਂਜਲੀ ਸਮਾਗਮ ਕਰਵਾਇਆ
ਧੂਰੀ (ਨਿੱਜੀ ਪੱਤਰ ਪ੍ਰੇਰਕ): ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੇ ਦਫ਼ਤਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਵਿੱਚ ਪ੍ਰਧਾਨ ਸੁਖਦੇਵ ਸ਼ਰਮਾ ਅਤੇ ਸੀਨੀਅਰ ਆਗੂ ਕੁਲਵੰਤ ਸਿੰਘ ਨੇ ਸ਼ਹੀਦ ਭਗਤ ਦੀ ਫੋਟੋ ’ਤੇ ਹਾਰ ਪਾ ਕੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਰਕਾਰ ਭਾਵੇਂ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੀ ਤਸਵੀਰ ਹਰ ਦਫ਼ਤਰ ਵਿੱਚ ਲਗਾਉਣ ਨੂੰ ਤਰਜੀਹ ਦੇ ਰਹੀ ਹੈ ਪਰ ਉਸ ਦੀ ਵਿਚਾਰਧਾਰਾ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰੀਤਮ ਸਿੰਘ ਧੂਰਾ,ਜੈਦੇਵ ਸ਼ਰਮਾ, ਜੰਗ ਸਿੰਘ ਬਾਦਸ਼ਾਹਪੁਰ, ਸੁਖਦੇਵ ਸਿੰਘ, ਕਰਮ ਸਿੰਘ ਮਾਨ, ਸਾਧੂ ਸਿੰਘ ਮੀਰਹੇੜੀ, ਦਿਆਲ ਸਿੰਘ, ਚਰਨਜੀਤ ਸਿੰਘ ਕੈਂਥ, ਰਾਮ ਧਨ, ਹਰੀਪਾਲ ਸਿੰਘ, ਆਤਮਾ ਸਿੰਘ, ਸੀਤਾ ਸਿੰਘ ਅਤੇ ਰਤਨ ਭੰਡਾਰੀ ਹਾਜ਼ਰ ਸਨ।
ਡਕੌਂਦਾ ਧੜੇ ਵੱਲੋਂ ਪਿੰਡਾਂ ਵਿੱਚ ਸਮਾਗਮ
ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਜਵਾਲਾ ਸਿੰਘ ਘਨੌੜ, ਜੋਰਾ ਸਿੰਘ ਮਾਝੀ, ਹਰਦੀਪ ਸਿੰਘ ਨਕਟੇ, ਬਹਾਦਰ ਸਿੰਘ ਘਰਾਚੋਂ, ਕੁਲਵੀਰ ਸਿੰਘ ਘਰਾਚੋਂ ਅਤੇ ਗੁਰਲਾਲ ਸਿੰਘ ਬੀਂਬੜ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਸ਼ਹੀਦਾਂ ਦੇ ਅਧੂਰੇ ਪਏ ਸੁਪਨਿਆਂ ਨੂੰ ਪੂਰਾ ਕਰਨ ਲਈ ਜਥੇਬੰਦਕ ਸੰਘਰਸ਼ ਹੋਰ ਤੇਜ਼ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ਪੈਪਸੀਕੋ ਵਰਕਰਜ ਯੂਨੀਅਨ ਏਟਕ ਚੰਨੋ ਵੱਲੋ ਕੰਪਨੀ ਦੇ ਗੇਟ ’ਤੇ ਲੱਗੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੋਰਡ ’ਤੇ ਫੁੱਲਾਂ ਦੇ ਹਾਰ ਪਾਏ।
ਸ਼ਹੀਦ ਭਗਤ ਸਿੰਘ ਕਲਾ ਮੰਚ ਵੱਲੋਂ ਨਾਟਕ ‘ਲੀਰਾਂ’ ਅਤੇ ‘ਪਰਿੰਦੇ ਭਟਕ ਗਏ’ ਦਾ ਮੰਚਨ
ਲਹਿਰਾਗਾਗਾ (ਪੱਤਰ ਪ੍ਰੇਰਕ): ਅੱਜ ਇੱਥੇ ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਪੁਰਾਣੀ ਅਨਾਜ ਮੰਡੀ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ’ਚ ਸੱਭਿਆਚਾਰਕ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਤੀਰਥ ਚੜਿੱਕ ਦੀ ਨਿਰਦੇਸ਼ਨਾ ’ਚ ਸ਼ਹੀਦ ਭਗਤ ਸਿੰਘ ਕਲਾ ਮੰਚ ਮੋਗਾ ਵੱਲੋਂ ਨਾਟਕ ‘ਲੀਰਾਂ’ ਅਤੇ ‘ਪਰਿੰਦੇ ਭਟਕ ਗਏ ’ ਦਾ ਮੰਚਨ ਕੀਤਾ ਗਿਆ। ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਮਾਲਵਾ ਹੇਕ ਗਰੁੱਪ ਵੱਲੋਂ ਡਾ. ਜਗਦੀਸ਼ ਪਾਪੜਾ ਅਤੇ ਸਾਥੀ ਇਨਕਲਾਬੀ ਗੀਤ-ਸੰਗੀਤ ਪੇਸ਼ ਕੀਤਾ। ਸਾਥੀ ਹਰੀ ਸਿੰਘ ਤਰਕ ਯਾਦਗਾਰੀ ਸਾਲਾਨਾ ਅਵਾਰਡ ਪ੍ਰੋਫੈਸਰ ਅਜਾਇਬ ਸਿੰਘ ਟਿਵਾਣਾ ਨੂੰ ਦਿੱਤਾ ਗਿਆ। ਪ੍ਰਧਾਨ ਗਿਆਨ ਚੰਦ ਸ਼ਰਮਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਹਕੀਕੀ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਮਾਸਟਰ ਰਘਬੀਰ ਸਿੰਘ ਭੁਟਾਲ ਨੇ ਮੰਚ ਵੱਲੋਂ ਮਤੇ ਪੇਸ਼ ਕੀਤੇ। ਮੰਚ ਸੰਚਾਲਨ ਮੰਚ ਦੇ ਸਕੱਤਰ ਹਰਭਗਵਾਨ ਗੁਰਨੇ ਨੇ ਕੀਤਾ। ਇਸ ਮੌਕੇ ਨਾਮਦੇਵ ਸਿੰਘ ਭੁਟਾਲ, ਤਰਸੇਮ ਸ਼ੇਮੀ, ਸੁਖਵਿੰਦਰ ਲਾਲੀ, ਜਸਵੰਤ ਕੌਰ, ਹਰਪ੍ਰੀਤ ਕੌਰ ਅਤੇ ਰਣਦੀਪ ਸੰਗਤਪੁਰਾ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ