ਐੱਸ ਐੱਸ ਸੱਤੀ
ਮਸਤੂਆਣਾ ਸਾਹਿਬ, 23 ਜੂਨ
ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਦਿਨ-ਪ੍ਰਤੀ-ਦਿਨ ਕੀਤੇ ਜਾ ਰਹੇ ਭਾਰੀ ਵਾਧੇ ਖ਼ਿਲਾਫ਼ ਸੰਗਰੂਰ ਦੇ ਟਰੱਕ ਅਪਰੇਟਰਾਂ ਵੱਲੋਂ ਸੰਗਰੂਰ-ਬਰਨਾਲਾ ਰੋਡ ’ਤੇ ਜਾਣ ਵਾਲੇ ਟਰੱਕ ਰੋਕ ਕੇ ਪਿੰਡ ਬਹਾਦਰਪੁਰ ਵਿੱਚ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਯੂਨੀਅਨ ਆਗੂ ਕਰਮ ਸਿੰਘ ਦੁੱਗਾਂ, ਧਰਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਕਰਨੈਲ ਸਿੰਘ, ਮੇਲਾ ਸਿੰਘ ਅਤੇ ਹੋਰ ਟਰੱਕ ਅਪਰੇਟਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਦੀਆਂ ਲਗਾਤਾਰ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਦਕਿ ਭਾੜਾ-ਕਿਰਾਇਆ ਪਿਛਲੇ ਦਸ-ਪੰਦਰਾਂ ਸਾਲਾਂ ਤੋਂ ਓਹੀ ਹੈ ਜਿਸ ’ਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਟੈਕਸਾਂ ਅਤੇ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਘੱਟ ਕੀਤਾ ਜਾਵੇ ਤਾਂ ਜੋ ਟਰਾਂਸਪੋਰਟਾਂ ਨੂੰ ਕੁਝ ਰਾਹਤ ਮਿਲ ਸਕੇ।