Truck Union Bhawanigarh Controversy: ਟਰੱਕ ਯੂਨੀਅਨ ਭਵਾਨੀਗੜ੍ਹ ਮਾਮਲੇ ’ਚ ਵਿਰੋਧੀ ਪਾਰਟੀਆਂ ਵੱਲੋਂ ਕੌਮੀ ਮਾਰਗ ’ਤੇ ਧਰਨਾ
ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਪਿੰਡ ਫੱਗੂਵਾਲਾ ਵਿਖੇ ਰੋਸ ਧਰਨੇ ’ਚ ਕੀਤੀ ਗਈ ਹਲਕਾ ਵਿਧਾਇਕ ਭਰਾਜ ਖਿਲਾਫ ਸਖਤ ਕਾਰਵਾਈ ਦੀ ਮੰਗ; ਭਰਾਜ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 3 ਮਾਰਚ
Truck Union Bhawanigarh Controversy: ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਦੀ ਚੋਣ ਤੋਂ ਖਫਾ ਹੋ ਕੇ ਇੱਕ ਅਪਰੇਟਰ ਮਨਜੀਤ ਸਿੰਘ ਕਾਕਾ ਵੱਲੋਂ ਜ਼ਹਿਰੀਲੀ ਦਵਾਈ ਪੀਣ ਅਤੇ ਹਲਕਾ ਵਿਧਾਇਕ ਭਰਾਜ ਉਤੇ ਕਥਿਤ 30 ਲੱਖ ਰੁਪਏ ਲੈਣ ਦੇ ਲਗਾਏ ਦੋਸ਼ਾਂ ਨੂੰ ਲੈ ਕੇ ਮਾਮਲਾ ਭਖ਼ ਗਿਆ ਹੈ।
ਇਕ ਪਾਸੇ ਜਿਥੇ ਸੋਮਵਾਰ ਨੂੰ ਐਮਐਲਏ ਨਰਿੰਦਰ ਕੌਰ ਭਰਾਜ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਪੁਲੀਸ ਲਾਈਨ ਪੁੱਜ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪੁਲੀਸ ਨੂੰ ਮੰਗ ਪੱਤਰ ਦਿੱਤਾ ਉਥੇ ਦੂਜੇ ਪਾਸੇ ਵਿਰੋਧੀ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਵੱਲੋਂ ਵਿਧਾਇਕਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਪਿੰਡ ਫੱਗੂਵਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਭਾਜਪਾ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ ਅਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਨੇ ਕਿਹਾ ਕਿ ਟਰੱਕ ਅਪਰੇਟਰ ਮਨਜੀਤ ਸਿੰਘ ਕਾਕਾ ਆਮ ਆਦਮੀ ਪਾਰਟੀ (ਆਪ) ਦਾ ਸਰਗਰਮ ਵਲੰਟੀਅਰ ਸੀ ਅਤੇ ਉਸ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਾਕਾ ਤੋਂ ਕਥਿਤ ਤੌਰ ’ਤੇ 30 ਲੱਖ ਰੁਪਏ ਲੈ ਕੇ ਟਰੱਕ ਯੂਨੀਅਨ ਦੇ ਪ੍ਰਧਾਨ ਬਣਾਉਣ ਦਾ ਵਾਅਦਾ ਕੀਤਾ ਗਿਆ।
ਇਹ ਵੀ ਪੜ੍ਹੋ:
Truck Union Controversy: ਟਰੱਕ ਯੂਨੀਅਨ ਭਵਾਨੀਗੜ੍ਹ ਵਿਵਾਦ: MLA ਭਰਾਜ ਨੇ ਕਾਰਵਾਈ ਲਈ ਪੁਲੀਸ ਨੂੰ ਦਿੱਤੀ ਸ਼ਿਕਾਇਤ
ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਪੈਸੇ ਲੈਣ ਦਾ ਦੋਸ਼
ਭਵਾਨੀਗੜ੍ਹ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਚੋਣ ਪਾਰਦਰਸ਼ੀ ਢੰਗ ਨਾਲ ਹੋਣ ਦਾ ਦਾਅਵਾ
ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਦੂਜੇ ਅਪਰੇਟਰ ਤੋਂ ਕਥਿਤ 55 ਲੱਖ ਰੁਪਏ ਲੈ ਕੇ ਉਸ ਨੂੰ ਪ੍ਰਧਾਨ ਥਾਪ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਅਦਾਖ਼ਿਲਾਫ਼ੀ ਤੋਂ ਪ੍ਰੇਸ਼ਾਨ ਹੋ ਕੇ ਕਾਕਾ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਰਗਾ ਕਦਮ ਚੁੱਕਣ ਲਈ ਮਜਬੂਰ ਹੋ ਗਿਆ। ਉਨ੍ਹਾਂ ਪੀੜਤ ਅਪਰੇਟਰ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਮੰਗ ਕੀਤੀ ਕਿ ਇਸ ਕਾਂਡ ਦੀ ਜ਼ਿਮੇਵਾਰ ਹਲਕਾ ਵਿਧਾਇਕਾ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਰਣਜੀਤ ਸਿੰਘ ਤੂਰ, ਹਰੀ ਸਿੰਘ ਫੱਗੂਵਾਲਾ, ਵਰਿੰਦਰ ਕੁਮਾਰ ਪੰਨਵਾਂ ਅਤੇ ਪਰਮਜੀਤ ਕੌਰ ਵਿਰਕ ਸਮੇਤ ਕਈ ਬੁਲਾਰਿਆਂ ਨੇ ਸੰਬੋਧਨ ਕੀਤਾ।
ਕਾਕਾ ਦੀ ਸਿਹਤਯਾਬੀ ਲਈ ਸੁਖਮਨੀ ਸਾਹਿਬ ਦਾ ਪਾਠ
ਇਸੇ ਦੌਰਾਨ ਟਰੱਕ ਯੂਨੀਅਨ ਭਵਾਨੀਗੜ੍ਹ ਵਿਖੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਤੇ ਸਮੂਹ ਅਪਰੇਟਰਾਂ ਵੱਲੋਂ ਮਨਜੀਤ ਸਿੰਘ ਕਾਕਾ ਦੀ ਸਿਹਤਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਮੇਰੇ ਖ਼ਿਲਾਫ਼ ਲਾਏ ਦੋਸ਼ ਬੇਬੁਨਿਆਦ: ਭਰਾਜ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਉਨ੍ਹਾਂ ਖਿਲਾਫ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਬਿਲਕੁਲ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਐਸਐਸਪੀ ਸੰਗਰੂਰ ਤੋਂ ਇਸ ਘਟਨਾ ਦੀ ਪੜਤਾਲ ਕਰਨ ਦੀ ਮੰਗ ਕਰ ਰਹੇ ਹਨ।