ਖੇਤਰੀ ਪ੍ਰਤੀਨਿਧ
ਧੂਰੀ, 1 ਦਸੰਬਰ
ਅੱਜ ਆਲ ਪੰਜਾਬ ਟਰੱਕ ਏਕਤਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਜੈ ਸਿੰਗਲਾ ਦਿੜਬਾ ਦੀ ਅਗਵਾਈ ਹੇਠ ਮੁੱਖ ਮੰਤਰੀ ਦਫ਼ਤਰ ਵਿੱਚ ਇਕੱਠੇ ਹੋਏ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਦਰਜਨਾਂ ਟਰੱਕ ਯੂਨੀਅਨਾਂ ਦੇ ਪ੍ਰਧਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਦੇ ਹੋਏ ਭੰਗ ਕੀਤੀਆਂ ਟਰੱਕ ਯੂਨੀਅਨਾਂ ਬਹਾਲ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਦੇਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਅਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਟਰੱਕ ਅਪਰੇਟਰ ਸਰਕਾਰ ਤੋਂ ਕੋਈ ਮਾਣ ਭੱਤਾ, ਤਨਖਾਹ ਤੇ ਨਾ ਹੀ ਕਿਸੇ ਸਰਕਾਰੀ ਨੌਕਰੀ ਜਾਂ ਵਿੱਤੀ ਸਹਾਇਤਾ ਦੀ ਮੰਗ ਕਰ ਰਹੇ ਹਨ, ਸਗੋਂ ਆਪਣੇ ਰੁਜ਼ਗਾਰ ਦੀ ਬਹਾਲੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੀ ਤਤਕਾਲੀ ਕਾਂਗਰਸ ਸਰਕਾਰ ਵਾਂਗ ਟਰੱਕ ਅਪਰੇਟਰਾਂ ਦੇ ਚੁੱਲ੍ਹੇ ਠੰਢੇ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਧਰਨੇ ਵਿੱਚ ਆ ਕੇ ਟਰੱਕ ਅਪਰੇਟਰਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ‘ਤੇ ਸਾਰੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਲਾਗੂ ਕੀਤੀਆਂ ਜਾਣਗੀਆਂ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਟਰੱਕ ਯੂਨੀਅਨਾਂ ਬਹਾਲ ਕਰਕੇ ਟਰੱਕ ਅਪਰੇਟਰਾਂ ਨਾਲ ਜ਼ਿਆਦਤੀਆਂ ਬੰਦ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਸਰਕਾਰੀ ਧੱਕੇਸ਼ਾਹੀ ਖ਼ਿਲਾਫ਼ ਜੱਥੇਬੰਦੀ ਵੱਲੋਂ 5 ਦਸੰਬਰ ਤੋਂ ਸਪੈਸਲਾਂ ਤੇ 10 ਦਸੰਬਰ ਤੋਂ ਖਾਦਾਂ ਦੇ ਰੈਕਾਂ ਦੀ ਢੋਆ ਢੁਆਈ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।