Attack robbery case: ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ 29 ਤੱਕ ਦਾ ਅਲਟੀਮੇਟਮ
ਪੀਡ਼ਤ ਪਰਿਵਾਰ ’ਤੇ ਹਮਲੇ ਦਾ ਮਾਮਲਾ; ਕਿਸਾਨ ਜਥੇਬੰਦੀਆਂ ਵੱਲੋਂ 30 ਤੋਂ ਸੰਘਰਸ਼ ਦਾ ਐਲਾਨ
ਲੁੱਟ ਦੀ ਸ਼ਿਕਾਇਤ ਕਰਨ ਵਾਲੇ ਪਰਿਵਾਰ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਹਮਲਾਵਰਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਪੁਲੀਸ ਨੂੰ 29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਇਸ ਮਿਆਦ ਤੱਕ ਮੁਲਜ਼ਮਾਂ ਨੂੰ ਕਾਬੂ ਨਾ ਕੀਤਾ ਗਿਆ ਤਾਂ 30 ਸਤੰਬਰ ਨੂੰ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਗੁਰਦੁਆਰਾ ਭਗਤ ਧੰਨਾ ਜੀ ਵਿੱਚ ਗੁਰਮੀਤ ਸਿੰਘ ਛੱਜੂਭੱਟ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਨੌਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਘਟਨਾ ਤੋਂ ਬਾਅਦ ਵੀ ਹਮਲਾਵਰਾਂ ਦਾ ਖੁੱਲ੍ਹੇਆਮ ਘੁੰਮਣਾ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਇੱਕ ਪਰਿਵਾਰ ਨੇ 18 ਸਤੰਬਰ ਨੂੰ ਲੁੱਟ ਦੀ ਸ਼ਿਕਾਇਤ ਪੁਲੀਸ ਕੋਲ ਦਰਜ ਕਰਵਾਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਸ਼ਿਕਾਇਤ ਦੇ ਅਗਲੇ ਹੀ ਦਿਨ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਤਿੰਨ ਸਾਲਾ ਬੱਚੀ ਗੰਭੀਰ ਜ਼ਖ਼ਮੀ ਹੋ ਗਈ। ਬੱਚੀ ਅਜੇ ਵੀ ਪੀ ਜੀ ਆਈ ਚੰਡੀਗੜ੍ਹ ਵਿੱਚ ਜ਼ੇਰੇ-ਇਲਾਜ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਹਮਲਾ ਉਨ੍ਹਾਂ ਨੂੰ ਸ਼ਿਕਾਇਤ ਵਾਪਸ ਲੈਣ ਅਤੇ ਦਹਿਸ਼ਤ ਵਿੱਚ ਲਿਆਉਣ ਦੀ ਨੀਅਤ ਨਾਲ ਕੀਤਾ ਗਿਆ।
ਮੁਲਜ਼ਮਾਂ ਦੀ ਭਾਲ ਜਾਰੀ: ਥਾਣਾ ਮੁਖੀ
ਸਦਰ ਥਾਣਾ ਮੁਖੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਰਾਦਾ ਕਤਲ ਅਤੇ ਲੁੱਟ-ਖੋਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲੀਸ ਵੱਲੋਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੀ ਆਈ ਏ ਸਟਾਫ ਦੀ ਵੀ ਮਦਦ ਲਈ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

