ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਅਕਤੂਬਰ
ਪੰਜਾਬ ਭਰ ਦੇ ਬੇਰੁਜ਼ਗਾਰ ਡੀ.ਪੀ.ਈ. ਅਧਿਆਪਕਾਂ ਵੱਲੋਂ ਰੁਜ਼ਗਾਰ ਦੀ ਮੰਗ ਲਈ ਰੋਸ ਮਾਰਚ ਕਰਦਿਆਂ ਇੱਥੇ ਦਿੱਲੀ-ਲੁਧਿਆਣਾ ਹਾਈਵੇਅ ਉੱਪਰ ਸਥਿਤ ਭਗਵਾਨ ਮਹਾਂਵੀਰ ਚੌਕ ਵਿੱਚ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਡੀ.ਪੀ.ਈ. ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ ਕੀਤੀ।
ਅੱਜ ਨਿਊ ਡੀ.ਪੀ.ਈ. ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ਤੋਂ ਬੇਰੁਜ਼ਗਾਰ ਡੀਪੀਈ ਅਧਿਆਪਕ ਇੱਥੇ ਪੁੱਜੇ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਥਾਨਕ ਭਗਵਾਨ ਮਹਾਂਵੀਰ ਚੌਕ ਵਿੱਚ ਪੁੱਜ ਕੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਦੇ ਸੂਬਾਈ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਡੀਪੀਈ ਅਧਿਆਪਕਾਂ ਦੀ ਭਰਤੀ ਨਹੀਂ ਹੋਈ ਜਿਸ ਕਾਰਨ ਡੀਪੀਈ ਅਧਿਆਪਕਾਂ ਨੂੰ ਬੇਰੁਜ਼ਗਾਰੀ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਰਤੀ ਦੀ ਮੰਗ ਲਈ ਡੀਪੀਈ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਜਿਸ ਕਾਰਨ ਬੇਰੁਜ਼ਗਾਰ ਡੀਪੀਈ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਡੀਪੀਈ ਅਸਾਮੀਆਂ ਉੱਪਰ ਭਰਤੀ ਪ੍ਰਕਿਰਿਆ ਸਬੰਧੀ ਕੋਈ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਇੱਕ ਹਫ਼ਤੇ ਦੇ ਅੰਦਰ ਅੰਦਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਕਰਵਾ ਦਿੱਤੀ ਜਾਵੇਗੀ। ਇਸ ਭਰੋਸੇ ਮਗਰੋਂ ਧਰਨਾ ਖਤਮ ਕੀਤਾ ਗਿਆ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ 27 ਅਕਤੂਬਰ ਤੱਕ ਪੈਨਲ ਮੀਟਿੰਗ ਨਾ ਹੋਈ ਤਾਂ ਸਿੱਖਿਆ ਮੰਤਰੀ ਦੇ ਸ਼ਹਿਰ ’ਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਜਸਵਿੰਦਰ ਸਿੰਘ, ਜਸਕਰਨ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ ਤੇ ਸੰਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।