ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਜੁਲਾਈ
ਬੇਰੁਜ਼ਗਾਰ ਡੀਪੀਈ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਡੀਪੀਈ ਅਧਿਆਪਕਾਂ ਵੱਲੋਂ ਰੁਜ਼ਗਾਰ ਦੀ ਮੰਗ ਸਬੰਧੀ ਸ਼ਹਿਰ ਵਿਚ ਮਾਰਚ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਡੀਪੀਈ ਦੀਆਂ ਨਵੀਆਂ ਤਿੰਨ ਹਜ਼ਾਰ ਅਸਾਮੀਆਂ ’ਤੇ ਭਰਤੀ ਕਰਨ ਦੀ ਮੰਗ ਕਰ ਰਹੇ ਹਨ। ਬੇਰੁਜ਼ਗਾਰ ਡੀਪੀਈ ਅਧਿਆਪਕ ਸਥਾਨਕ ਬੀਐੱਸਐੱਨਐੱਲ ਪਾਰਕ ਵਿਚ ਇਕੱਠੇ ਹੋਏ ਅਤੇ ਲਾਲ ਬੱਤੀ ਚੌਕ ਵਿਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂ ਹਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਡੀਪੀਈ ਅਧਿਆਪਕਾਂ ਦੀ ਸਾਰ ਨਹੀਂ ਲੈ ਰਹੀ, ਜਿਸ ਕਾਰਨ ਬੇਰੁਜ਼ਗਾਰਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਡੀਪੀਈ ਦੀਆਂ ਨਵੀਆਂ ਤਿੰਨ ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਪਹਿਲਾਂ ਐਲਾਨੀਆਂ 50 ਹਜ਼ਾਰ ਅਸਾਮੀਆਂ ’ਚੋਂ ਡੀਪੀਈ ਅਧਿਆਪਕਾਂ ਦੀ ਵੀ ਨਵੀਂ ਵਰਤੀ ਕੀਤੀ ਜਾਵੇ, ਸਰੀਰਕ ਸਿੱਖਿਆ ਨੂੰ ਦਸਵੀਂ ਕਲਾਸ ਤੱਕ ਲਾਜ਼ਮੀ ਵਿਸ਼ਾ ਬਣਾਇਆ ਜਾਵੇ, ਖੇਡਾਂ ਦੇ ਮਿਆਰ ਨੂੰ ਉਪਰ ਚੁੱਕਣ ਲਈ ਸਾਰੇ ਸਰਕਾਰੀ ਸਕੂਲਾਂ ਵਿਚ ਡੀਪੀਈ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਭਰੀਆਂ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਫ਼ੋਂ ਪੁੱਜੇ ਤਹਿਸੀਲਦਾਰ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਤੋਂ ਮੰਗ ਪੱਤਰ ਲਿਆ ਅਤੇ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।